ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਛੂਡਾੳੂ ਤੇ ਮੁੜ ਵਸੇਬਾ ਪਰੋਗਰਾਮ ਦੇ ਤਾਲਮੇਲ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ
ਚੰਡੀਗੜ, 26 ਸਤੰਬਰ: (ਜਸ਼ਨ) -ਨਸ਼ਿਆਂ ਵਿਰੋਧੀ ਸਰਕਾਰ ਦੀ ਮੁਹਿੰਮ ਨੂੰ ਅੱਗੇ ਹੋਰ ਬੜਾਵਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਨੂੰ ਮਿਸ਼ਨ ਦੇ ਰੂਪ ਵਿਚ ਲਾਗੂ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਵਿਚ ਤਾਲਮੇਲ ਪੈਦਾ ਕਰਨ ਅਤੇ ਇਸ ਉਪਰ ਨਿਗਰਾਨੀ ਰੱਖਣ ਲਈ ਇੱਕ ਸਟਿਰਿੰਗ ਕਮੇਟੀ ਦਾ ਗਠਨ ਕੀਤਾ ਹੈ।ਅੱਜ ਸ਼ਾਮ ਪੰਜਾਬ ਭਵਨ ਵਿਖੇ ਨਸ਼ਾ ਛਡਾਊ ਅਤੇ ਮੁੜ ਵਸੇਬੇ ਸਬੰਧੀ ਸੂਬਾਈ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਿਚ ਇਹ ਕਮੇਟੀ ਗਠਿਤ ਕਰਨ ਦਾ ਫੈਸਲਾ ਲਿਆ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਨੂੰ ਸਮੇਂ ਬੱਧ ਤਰੀਕੇ ਨਾਲ ਲਾਗੂ ਕਰਨ ਅਤੇ ਇਸ ਨੂੰ ਸਹੀ ਲੀਹ ’ਤੇ ਪਾਉਣ ਲਈ ਸਟੀਰਿੰਗ ਕਮੇਟੀ ਨੂੰ ਲਗਾਤਾਰ ਮੀਟਿੰਗਾਂ ਕਰਨ ਲਈ ਆਖਿਆ ਹੈ। ਕਮੇਟੀ ਨੂੰ ਨਸ਼ਾ ਛਡਾਊ ਅਤੇ ਮੁੜ ਵਸੇਬੇ ਨਾਲ ਸਬੰਧਤ ਮੁੱਦਿਆਂ ਨੂੰ ਨਿਬੇੜਨ ਲਈ ਵੀ ਕਿਹਾ ਹੈ। ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਏ.ਡੀ.ਜੀ.ਪੀ ਵਿਸ਼ੇਸ਼ ਟਾਸਕ ਫੋਰਸ, ਵਧੀਕ ਮੁੱਖ ਸਕੱਤਰ ਉੱਚ ਸਿੱਖਿਆ, ਸਕੱਤਰ ਭਲਾਈ, ਸਕੱਤਰ ਸਕੂਲ ਸਿੱਖਿਆ ਨੂੰ ਇਸ ਕਮੇਟੀ ਦੇ ਮੈਂਬਰ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹੇਠਲੇ ਪੱਧਰ ਉੱਤੇ ਨਸ਼ਾ ਛਡਾਊ ਪ੍ਰੋਗਰਾਮ ਨੂੰ ਸਹੀ ਮਾਨਿਆਂ ਵਿਚ ਲਾਗੂ ਕਰਨ ਲਈ ਸਮਰਪਿਤ ਅਧਿਕਾਰੀਆਂ ਨੂੰ ਹੈਡਕੁਆਟਰ ’ਤੇ ਤਾਇਨਾਤ ਕਰਨ ਦੀ ਥਾਂ ਸਾਰੇ ਜ਼ਿਲਿਆਂ ਵਿਚ ਤਾਇਨਾਤ ਕਰਨ ਲਈ ਆਖਿਆ ਹੈ। ਉਨਾਂ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਗੈਰ-ਸਰਕਾਰੀ ਸੰਸਥਾਵਾਂ, ਸਵੈ-ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ ਪੰਚਾਇਤਾਂ ਨੂੰ ਵੀ ਨਸ਼ਾ ਛਡਾਊ ਜਾਗਰੂਕ ਅਤੇ ਮੁੜ ਵਸੇਬਾ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਜਾਵੇ। ਮੁੱਖ ਮੰਤਰੀ ਨੇ ਨਸ਼ਿਆਂ ਦੇ ਬਾਰੇ ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿਚ ਵੀ ਤਿੱਖੀ ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ। ਇਸੇ ਦੌਰਾਨ ਹੀ ਉਨਾਂ ਨੇ ਸਫ਼ਲਤਾਪੂਰਨ ਢੰਗ ਨਾਲ ਨਸ਼ਿਆਂ ਤੋਂ ਦੂਰ ਕੀਤੇ ਜਾਣ ਵਾਲੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਹੁਨਰ ਸਿਖਲਾਈ ਪਹਿਲਕਦਮੀਆਂ ਦੇ ਵੀ ਹੁਕਮ ਦਿੱਤੇ।ਕੈਪਟਨ ਅਮਰਿੰਦਰ ਸਿੰਘ ਦੀ ਰਾਇ ਸੀ ਕਿ ਵਿਸ਼ੇਸ਼ ਟਾਸਕ ਫੋਰਸ ਅਤੇ ਸਿਹਤ ਵਿਭਾਗ ਨਸ਼ਿਆਂ ਵਿਚ ਫਸੇ ਲੋਕਾਂ ਦੇ ਨਸ਼ੇ ਛਡਾਉਣ ਅਤੇ ਉਨਾਂ ਦੇ ਮੁੜ ਵਸੇਬੇ ਲਈ ਮਿਲਕੇ ਕੰਮ ਕਰਨ ਤਾਂ ਜੋ ਇਹ ਵਿਅਕਤੀ ਆਮ ਜ਼ਿੰਦਗੀ ਜਿਊਣ ਦੇ ਕਾਬਲ ਹੋ ਸਕਣ। ਉਨਾਂ ਨੇ ਨਸ਼ਿਆਂ ਵਿਚ ਫਸੇ ਵਿਅਕਤੀਆਂ ਦੇ ਲਈ ਮੁੜ ਵਸੇਬੇ ਤੋਂ ਬਾਅਦ ਦੇ ਪੜਾਅ ਵੀ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨਾਂ ਨੇ ਅਜਿਹਾ ਕਰਦੇ ਹੋਏ ਬਹੁਤ ਜ਼ਿਆਦਾ ਧਿਆਨ ਅਤੇ ਚੌਕਸੀ ਵਰਤਣ ਲਈ ਵੀ ਆਖਿਆ। ਨਸ਼ਿਆਂ ਵਿਚ ਫਸਣ ਵਾਲੇ ਨੌਜਵਾਨਾਂ ਉੱਤੇ ਲੱਗਣ ਵਾਲੇ ਧੱਬੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਹੁਨਰ ਵਿਕਾਸ ਵਿਭਾਗਾਂ ਨਾਲ ਵਿਚਾਰ ਚਰਚਾ ਕਰਕੇ ਹੁਨਰ ਸਿਖਲਾਈ ਦੀ ਰੂਪ ਰੇਖਾ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਨੌਜਵਾਨ ਬਾਅਦ ਵਿਚ ਲਾਹੇਵੰਦ ਰੁਜ਼ਗਾਰ ਪ੍ਰਾਪਤ ਕਰ ਸਕਣ। ਮੁੱਖ ਮੰਤਰੀ ਨੇ ਸਕੱਤਰ ਸਕੂਲ ਸਿੱਖਿਆ ਅਤੇ ਵਧੀਕ ਮੁੱਖ ਸਕੱਤਰ ਉੱਚ ਸਿੱਖਿਆ ਨੂੰ ਆਖਿਆ ਕਿ ਉਹ ਨਸ਼ਿਆਂ ਦੇ ਬਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ। ਉਨਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਵਿਚ ਢੁੱਕਵੀਂ ਮਨੋਵਿਗਿਆਨਿਕ ਕਾਉਂਸਿਗ ਨੂੰ ਵੀ ਯਕੀਨੀ ਬਣਾਇਆ ਜਾਵੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਨਸ਼ਾ ਛਡਾਊ ਮੁਹਿੰਮ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ ਪਰ ਸਿਹਤ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੇ ਵਿਰੁੱਧ ਮਿਲ ਕੇ ਯਤਨ ਕੀਤੇ ਜਾਣ ਦੀ ਹੋਰ ਜ਼ਰੂਰਤ ਹੈ ਤਾਂ ਜੋ ਇਸ ਮੁਹਿੰਮ ਨੂੰ ਸਿਰੇ ਤੱਕ ਪਹੁੰਚਾਇਆ ਜਾ ਸਕੇ। ਵਿਚਾਰ ਚਰਚਾ ਵਿਚ ਹਿੱਸਾ ਲੈਂਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਨਸ਼ਾ ਛਡਾਊ ਮੁਹਿੰਮ ਸਿਰਫ ਤਾਂ ਹੀ ਸਫਲਤਾਪੂਰਨ ਢੰਗ ਨਾਲ ਲਾਗੂ ਹੋ ਸਕਦੀ ਹੈ ਜੇ ਨਸ਼ਾ ਛਡਾਊ ਤੇ ਮੁੜ ਵਸੇਬੇ, ਹੁਨਰ ਤੇ ਰੁਜ਼ਗਾਰ ਵਰਗੇ ਚਾਰ ਤੱਤਾਂ ਨੂੰ ਬਹੁਤ ਹੀ ਧਿਆਨ ਨਾਲ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਇਲਾਜ ਦੌਰਾਨ ਅਸਰਦਾਇਕ ਢੰਗ ਨਾਲ ਲਾਗੂ ਕੀਤਾ ਜਾਵੇ।ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਆਪਣੀ ਸੰਖੇਪ ਪੇਸ਼ਕਾਰੀ ਦੌਰਾਨ ਮੁੱਖ ਮੰਤਰੀ ਨੂੰ ਨਸ਼ਾ ਛਡਾਊ ਅਤੇ ਮੁੜ ਵਸੇਬੇ ਦੀ ਵੱਖ ਵੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਉੱਚ ਸਿੱਖਿਆ ਐਸ.ਕੇ. ਸੰਧੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅੰਜਲੀ ਭਾਵੜਾ, ਐਸ.ਟੀ.ਐਫ ਦੇ ਮੁੱਖੀ ਹਰਪ੍ਰੀਤ ਸਿੰਘ ਸਿੱਧੂ, ਸਕੱਤਰ ਤਕਨੀਕੀ ਸਿੱਖਿਆ ਭਾਵਨਾ ਗਰਗ,ਐਮ.ਡੀ. ਪੰਜਾਬ ਰਾਜ ਸਿਹਤ ਸਿਸਟਮਜ਼ ਕਾਰਪੋਰੇਸ਼ਨ ਵਰੁਣ ਰੂਜਮ ਅਤੇ ਸਕੱਤਰ ਸਕੂਲ ਸਿੱਖਿਆ ਿਸ਼ਨ ਕੁਮਾਰ ਤੋਂ ਇਲਾਵਾ ਬੋਰਡ ਦੇ ਗੈਰ-ਸਰਕਾਰੀ ਮੈਂਬਰ ਡਾ. ਜਗਬੀਰ ਸਿੰਘ, ਅਮਰਦੀਪ ਸਿੰਘ ਚੀਮਾ ਅਤੇ ਡਾ. ਨੈਨਾ ਸ਼ਰਮਾ ਸ਼ਾਮਲ ਸਨ।