ਜ਼ਿਲੇ ਦੀਆਂ ਮੰਡੀਆਂ ‘ਚ ਕਿਸਾਨਾਂ ਨੂੰ ਝੋਨਾ ਵੇਚਣ ਲਈ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਾ: ਹਰਜੋਤ ਕਮਲ

ਮੋਗਾ,6 ਅਕਤੂਬਰ (ਜਸ਼ਨ):ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਦੱੱਸਿਆ ਕਿ ਜ਼ਿਲੇ ਦੀਆਂ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਜ਼ਿਲੇ ਦੀਆਂ ਮੰਡੀਆਂ ‘ਚ ਸਾਫ-ਸਫਾਈ, ਰੋਸ਼ਨੀ, ਜ਼ਿਮੀਦਾਰਾਂ ਲਈ ਪਖਾਨੇ, ਬੈਠਣ ਦੀ ਵਿਵਸਥਾ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਸਮੱਸਿਆ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ‘ਚ ਬੀਤੀ ਸ਼ਾਮ ਤੱਕ 9,788 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 6,544 ਮੀਟਿ੍ਰਕ ਟਨ ਝੋਨਾ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਖ੍ਰੀਦ ਕੀਤੇ ਗਏ ਝੋਨੇ ‘ਚੋਂ 996 ਮੀਟਿ੍ਰਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ ਅਤੇ ਆਉਂਦੇ ਦਿਨਾਂ ‘ਚ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਪੁੱਜੇ ਕੁੱਲ 9,788 ਮੀਟਿ੍ਰਕ ਟਨ ਝੋਨੇ ਵਿੱਚੋਂ ਕੇਵਲ 4 ਅਕਤੂਬਰ ਨੂੰ ਹੀ 4,743 ਮੀਟਿ੍ਰਕ ਟਨ ਝੋਨਾ ਮੰਡੀਆਂ ‘ਚ ਆਇਆ ਹੈ।ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਏਜੰਸੀ ਵਾਈਜ਼ ਝੋਨੇ ਦੀ ਹੋਈ ਖ੍ਰੀਦ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 1,474 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 1,229 ਮੀਟਿ੍ਰਕ ਟਨ, ਪਨਸਪ ਵੱਲੋਂ 835 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 1,236 ਮੀਟਿ੍ਰਕ ਟਨ, ਪੰਜਾਬ ਐਗਰੋ 774 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 996 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼ ਤੇ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਝੋਨੇ ਦੀ ਖ੍ਰੀਦ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨਾਂ ਕਿਸਾਨਾਂ ਨੂੰ ਰਾਤ ਵੇਲੇ ਕੰਬਾਈਨਾਂ ਨਾਲ ਝੋਨਾ ਨਾ ਕੱਟਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।