ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ ‘ ਸਪਤਾਹ ਦਾ ਕੀਤਾ ਉਦਘਾਟਨ

ਮੋਗਾ 9 ਅਕਤੂਬਰ(ਜਸ਼ਨ)-    ਸਮਾਜ ਵਿੱਚੋਂ ਭਰੂਣ ਹੱਤਿਆ ਦੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਲਈ ‘ਬੇਟੀ ਬਚਾਓ-ਬੇਟੀ ਪੜ੍ਹਾਓ ‘ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਚਾਹੀਦਾ ਹੈ ਅਤੇੇ ਇੱਕ ਜ਼ਿੰਮੇਵਾਰ ਨਾਗਰਿਕ ਦੇ ਫ਼ਰਜ਼ ਨਿਭਾਉਂਦੇ ਹੋਏ ਲੜਕੀਆਂ ਨੂੰ ਸਮਾਜ ਵਿੱਚ ਬਣਦਾ ਮਾਣ-ਸਤਿਕਾਰ ਦੇਣ ਤੇ ਉਤਸ਼ਾਹਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਅੱਜ  ਸਥਾਨਕ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲਾ ਪ੍ਰਸ਼ਾਸਨ ਵੱਲੋਂ 9 ਅਕਤੂਬਰ ਤੋ 14 ਅਕਤੂਬਰ 2017 ਤੱਕ ਮਨਾਏ ਜਾ ਰਹੇ ‘ਬੇਟੀ ਬਚਾਓ-ਬੇਟੀ ਪੜ੍ਹਾਓ   ‘ ਸਪਤਾਹ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨਾਂ ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਖੁਦ ਹਸਤਾਖਰ ਕਰਕੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਅਤੇ ਵਿਦਿਆਰਥੀਆਂ ਤੇ ਹਾਜ਼ਰ ਵਿਅਕਤੀਆਂ ਨੂੰ ਲੜਕੀਆਂ ਵਿਰੁੱਧ ਲਿੰਗ ਆਧਾਰਿਤ ਭੇਦ-ਭਾਵ ਨੂੰ ਖਤਮ ਕਰਕੇ ਸਿੱਖਿਆ ਦਾ ਅਧਿਕਾਰ ਸੁਨਿਸ਼ਚਿਤ ਕਰਨ ਤੇ ‘ਬੇਟੀ ਬਚਾਓ-ਬੇਟੀ ਪੜ੍ਹਾਓ   ‘ ਸਕੀਮ ਦਾ ਸੰਦੇਸ਼ ਘਰ-ਘਰ ਪਹੁੰਚਾਣ ਦਾ ਸੰਕਲਪ ਵੀ ਦਿਵਾਇਆ। ਇਸ ਮੌਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਿਨੀਤ ਕੁਮਾਰ ਨਾਰੰਗ, ਸਿਵਲ ਸਰਜਨ ਡਾ: ਮਨਜੀਤ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ ਵੀ ਮੌਜੂਦ ਸਨ।    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2015 ਤੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ   ‘ ਸਕੀਮ ਦੇ ਸ਼ੁਹੋਣ ਨਾਲ ਲਿੰਗ ਅਨੁਪਾਤ ‘ਚ ਕਾਫ਼ੀ ਸੁਧਾਰ ਆਇਆ ਹੈ। ਉਨਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਪਿੱਛੇ ਨਹੀਂ ਹਨ, ਇਸ ਲਈ ਸਾਨੂੰ ਆਪਣੀ ਮਾਨਸਿਕ ਸੋਚ ਨੂੰ ਬਦਲਦੇ ਹੋਏ ਹਰ ਖੇਤਰ ਵਿੱਚ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ ਅਤੇ ਉਨਾਂ ਦੇ ਪਾਲਣ-ਪੋਸ਼ਣ ਅਤੇ ਸਿੱਖਿਆ ਪ੍ਰਦਾਨ ਕਰਨ ਸਮੇਂ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ। ਉਨਾਂ ਜ਼ਿਲੇ ਦੇ ਨਾਗਰਿਕਾਂ ਨੂੰ ‘ਬੇਟੀ ਬਚਾਓ-ਬੇਟੀ ਪੜ੍ਹਾਓ   ‘ ਮੁਹਿੰਮ ਤਹਿਤ ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯੋਗ ਉਪਰਾਲਿਆਂ ‘ਚ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਲਿੰਗ ਭੇਦ-ਭਾਵ ਨੂੰ ਖਤਮ ਕਰਕੇ ਨਵੇਂ ਸਮਾਜ ਦੀ ਸਿਰਜਣਾ ਲਈ ਰਲ-ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨਾਂ ਇਹ ਵੀ ਦੱਸਿਆ ਕਿ ਇਸ ਸਪਤਾਹ ਦੌਰਾਨ 10 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਨ ਬਜ਼ਾਰ ਮੋਗਾ ਤੋਂ ਗੀਤਾ ਭਵਨ ਤੱਕ ਸਾਈਕਲ ਰੈਲੀ ਆਯੋਜਿਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਆਂਗਣਵਾੜੀ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਕੀਤੀਆਂ ਜਾਣਗੀਆਂ। 11 ਅਕਤੂਬਰ ਨੂੰ ਡੀ.ਐਨ.ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨਵ-ਜੰਮੀਆਂ ਲੜਕੀਆਂ ਦੀ ਖੁਸ਼ੀ ਮਨਾਈ ਜਾਵੇਗੀ ਅਤੇ ਉਨਾਂ ਦੇ ਜਨਮ ਸਾਰਟੀਫ਼ੀਕੇਟ ਤਿਆਰ ਕਰਕੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਬਾਲੜੀਆਂ ਦੇ ਪ੍ਰੀਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ 14 ਅਕਤੂਬਰ ਨੂੰ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਮਾਰੋਹ ਸਮਾਰੋਹ ਦੌਰਾਨ ‘ਬੇਟੀ ਬਚਾਓ-ਬੇਟੀ ਪੜਾਓ‘ ਸਕੀਮ ਅਧੀਨ ਕੰਮ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਿਨੀਤ ਕੁਮਾਰ ਨਾਰੰਗ, ਸਿਵਲ ਸਰਜਨ ਡਾ: ਮਨਜੀਤ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ, ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਐਨ.ਜੀ.ਓ ਐਸ.ਕੇ.ਬਾਂਸਲ ਅਤੇ ਡਾ: ਪਿ੍ਰਆ ਸਟੋਨੀ ਨੇ ਵੀ ‘ਬੇਟੀ ਬਚਾਓ-ਬੇਟੀ ਪੜ੍ਹਾਓ   ‘ ਵਿਸ਼ੇ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਗੀਤਾਂ ਰਾਹੀਂ ਭਰੂਣ ਹੱਤਿਆ ਨੂੰ ਰੋਕਣ ਅਤੇ ਲੜਕੀਆਂ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰੀਵਾਰ ਭਲਾਈ ਅਫ਼ਸਰ ਡਾ: ਰੁਪਿੰਦਰ ਕੌਰ ਗਿੱਲ, ਕੁਲਦੀਪ ਸਿੰਘ ਸਹਿਗਲ, ਸਕੂਲ ਦੇ ਪਿ੍ਰੰਸੀਪਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।