ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ 10 ਅਕਤੂਬਰ (ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ. ਵੱਲੋ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਦੁਰਪ੍ਰਭਾਵਾਂ ਤੇ ਪੈਦਾ ਹੋਣ ਵਾਲੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਵੀ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਾਗਰੂਕਤਾ ਵੈਨਾਂ ਰਾਹੀਂ ਬਲਾਕ ਵਾਈਜ਼ ਜ਼ਿਲੇ ਦੇ ਸਾਰੇ ਪਿੰਡਾਂ ‘ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੇ ਖਿਲਾਫ਼ ਮਾਣਯੋਗ ਨੈਸ਼ਨਲ ਗ੍ਰੀਨ ਟਿ੍ਰਬਿਊਨਲ, ਨਵੀਂ ਦਿੱਲੀ ਵੱਲੋਂ ਬਹੁਤ ਸਖਤੀ ਵਰਤੀ ਜਾ ਰਹੀ ਹੈ। ਉਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਖੇਤਾਂ ਦੇ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਇੱਕ ਪਾਸੇ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਮਨੁੱਖੀ ਸਰੀਰ ਲਈ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਫ਼ੈਲਦੀਆਂ ਹਨ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ, ਦੂਸਰੇ ਪਾਸੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਲਈ ਇਸ ਰੁਝਾਣ ਨੂੰ ਰੋਕਣਾ ਅਤਿ ਜ਼ਰੂਰੀ ਹੈ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਬਲਵਿੰਦਰ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਜਸਵਿੰਦਰ ਸਿੰਘ ਬਰਾੜ, ਕੁਲਦੀਪ ਸਿੰਘ, ਹਰਨੇਕ ਸਿੰਘ ਰੋਡੇ ਅਤੇ ਬਲਾਕ ਵਿਕਾਸ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।