ਪੰਜਾਬ ਸਰਕਾਰ ਝੋਨੇ ਦੀ ਖ੍ਰੀਦ ਪ੍ਰਕਿਰਿਆ ਨੂੰ ਸਫਲਤਾ-ਪੂਰਵਕ ਨੇਪਰੇ ਚਾੜਨ ਲਈ ਵਚਨਬੱਧ- ਡਾ: ਹਰਜੋਤ ਕਮਲ

ਮੋਗਾ,12 ਅਕਤੂਬਰ: (ਜਸ਼ਨ)-ਜ਼ਿਲੇ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਝੋਨੇ ਦੀ ਖ੍ਰੀਦ ਪ੍ਰਕਿਰਿਆ ਨੂੰ ਸਫਲਤਾ-ਪੂਰਵਿਕ ਨੇਪਰੇ ਚਾੜਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਖ੍ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਝੋਨੇ ਦੀ ਖ੍ਰੀਦ ਉਪਰੰਤ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ 72 ਘੰਟਿਆਂ ਵਿੱਚ ਹੋਣੀ ਚਾਹੀਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਜਿਣਸ ਵੇਚਣ ਲਈ ਉਨਾਂ ਨੂੰ ਵਧੇਰੇ ਸਮਾਂ ਮੰਡੀਆਂ ਵਿੱਚ ਨਾ ਗੁਜ਼ਾਰਨਾ ਪਵੇ।  ਡਾ: ਹਰਜੋਤ ਕਮਲ ਨੇ ਦੱਸਿਆ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੇ 11 ਅਕਤੂਬਰ ਦੀ ਸ਼ਾਮ ਤੱਕ 98 ਹਜ਼ਾਰ 929 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 90 ਹਜ਼ਾਰ 492 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 28 ਹਜ਼ਾਰ 763 ਮੀਟਿ੍ਰਕ ਟਨ ਝੋਨੇ ਦੀ ਚੁਕਾਈ ਕਰਵਾਈ ਗਈ ਅਤੇ 64.55 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਨੇ 25,194 ਮੀਟਿ੍ਰਕ ਟਨ, ਮਾਰਕਫੈਡ ਨੇ 22,802 ਮੀਟਿ੍ਰਕ ਟਨ, ਪਨਸਪ ਨੇ 17,806 ਮੀਟਿ੍ਰਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13,680 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 7,606 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 3,404 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਦੇ ਫੈਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਡਰ ਵੀ ਬਣਿਆ ਰਹਿੰਦਾ ਹੈ।