ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਵਿਧਾਇਕ ਬਿਲਾਸਪੁਰ

ਬਿਲਾਸਪੁਰ, 13 ਅਕਤੂਬਰ (ਜਸ਼ਨ) -ਪਹਿਲਾਂ ਤੋਂ ਹੀ ਨਕਲੀ ਬੀਜ, ਨਕਲੀ ਦਵਾਈਆਂ ਅਤੇ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਲਈ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਫਰਮਾਨ ਨੇ ਮੱਧਮ ਦਰਜ਼ੇ ਦੇ ਕਿਸਾਨਾਂ ਦੇ ਬੋਝ ਨੂੰ ਦੁੱਗਣਾ ਕਰ ਦਿੱਤਾ ਹੈ। । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਅੱਜ ਮਹਿੰਗਾਈ ਦੀ ਮਾਰ ਅਤੇ ਕਰਜ਼ਿਆਂ ਦੇ ਬੋਝ ਨੇ ਕਿਸਾਨਾਂ ਨੂੰ ਆਤਮ-ਹੱਤਿਆ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਪਰੋਂ ਪਰਾਲੀ ਨਾ ਸਾੜਨ ਦੇ ਮਾਮਲੇ ਨੂੰ ਲੈ ਕੇ ਕਿਸਾਨ ਡਾਹਢੀ ਚਿੰਤਾ ਵਿੱਚ ਘਿਰ ਚੁੱਕਾ ਹੈ। ਉਨਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਬਣਦਾ ਮੁਆਵਜ਼ਾ ਦੇਵੇ ਅਤੇ ਕਿਸਾਨਾਂ ਦੇ ਦਰਦ ਦੀ ਭਾਗੀਦਾਰ ਬਣੇ। ਉਨਾਂ ਕਿਹਾ ਕਿ ਸਰਕਾਰ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜੋ ਕਿ ਆਮ ਆਦਮੀ ਪਾਰਟੀ ਵੱਲੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।