ਡਿਪਟੀ ਕਮਿਸ਼ਨਰ ਵੱਲੋ ਜ਼ਿਲੇ ਦੇ ਲੋਕਾਂ ਨੂੰ ‘ਗਰੀਨ ਦਿਵਾਲੀ‘ ਮਨਾਉਣ ਦੀ ਅਪੀਲ

ਮੋਗਾ 14ਅਕਤੂਬਰ (ਜਸ਼ਨ):ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰਦੂਸ਼ਣ ਰਹਿਤ ਮਨਾਉਣ ਦੇ ਸੱਦੇ ‘ਤੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਜ਼ਿਲੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ‘ਹਰੀ ਦਿਵਾਲੀ‘ ਮਨਾਉਣ ਦੀ ਅਪੀਲ ਕੀਤੀ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸਰਵ-ਉਚ ਅਦਾਲਤ ਵੱਲੋਂ ਵਾਤਾਵਰਣ ਅਤੇ ਸਿਹਤ ਸੰਭਾਲ ਤਹਿਤ ਪਟਾਕਿਆਂ/ਆਤਿਸ਼ਬਾਜ਼ੀ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਜ਼ਿਆਦਾ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਣ ਗੰਧਲਾ ਹੁੰਦਾ ਹੈ, ਉੱਥੇ ਕਈ ਮਨੁੱਖੀ ਬੀਮਾਰੀਆਂ ਪੈਦਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਉਨਾਂ ਗੈਰ-ਸਰਕਾਰੀ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਨੂੰ ਵੀ ‘ਗਰੀਨ ਦੀਵਾਲੀ’ ਮਨਾਉਣ ਲਈ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਰੋਕਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ‘ਤੇ ਮਨਾਹੀ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰਾਂ ਉਨਾਂ ਲੋਕਾਂ ਨੂੰ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ  ਕਿ ਸਮਾਜ ਦੇੇ ਹਰ ਵਰਗ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਦੇ ਪ੍ਰਤੀਕ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਰਲ-ਮਿਲ ਕੇ ਆਪਸੀ ਪਿਆਰ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ, ਜਿਸ ਨਾਲ ਸਾਡੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।