ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ‘ਚ ਕੰਮ ਕਰਵਾਉਣ ਲਈ ਦਲਾਲਾਂ ਤੋਂ ਸੁਚੇਤ ਰਹਿਣ ਲਈ ਕੀਤਾ ਪ੍ਰੇਰਿਤ

ਮੋਗਾ 2 ਨਵੰਬਰ:(ਜਸ਼ਨ):ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਲਈ ਸਮੁੱਚੇ ਸਮਾਜ ਨੂੰ ‘ਰਿਸ਼ਵਤ ਨਾ ਲੈਣਾ ਅਤੇ ਨਾ ਦੇਣਾ‘ ਦੀ ਨੀਤੀ ਨੂੰ ਅਪਣਾਉਂਦੇ ਹੋਏ ਸੋਚ ਬਦਲਣ ਦੀ ਲੋੜ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਪੰਜਾਬ ਸਰਕਾਰ ਦੇ ਦਫ਼ਤਰਾਂ ਅਤੇ ਹੋਰ ਅਦਾਰਿਆਂ ਵਿੱਚੋਂ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਭਿ੍ਰਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ. ਦਿਲਰਾਜ ਸਿੰਘ ਨੇ ਕਿਹਾ ਕਿ ਭਿ੍ਰਸ਼ਟਾਚਾਰ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਰਿਹਾ ਹੈ, ਇਸ ਲਈ ਸਰਕਾਰੀ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਨੂੰ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਅਤੇ ਬਿਨਾਂ ਖ਼ੱਜਲ-ਖ਼ੁਆਰੀ ਤੋਂ ਕਰਨਾ ਹਰ ਸਰਕਾਰੀ ਅਧਿਕਾਰੀ ਅਤੇ ਕ੍ਰਮਚਾਰੀ ਦੀ ਜ਼ਿੰਮੇਵਾਰੀ ਹੈ। ਉਨਾਂ ਕਿਹਾ ਕਿ ਆਮ ਲੋਕਾਂ ਦਾ ਉਨਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਹੋਣਾ ਅਤੀ ਜ਼ਰੂਰੀ ਹੈ। ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਦਫ਼ਤਰਾਂ ਦੇ ਕੰਮਾਂ ਨੂੰ ਪੈਡਿੰਗ ਨਾ ਰੱਖਦੇ ਹੋਏ ਨਿਯਮਿਤ ਵਿਧੀ ਨਾਲ ਨਿਪਟਾਉਣਾ ਚਾਹੀਦਾ ਹੈ।ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਸ. ਹਰਗੋਬਿੰਦ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਉਨਾਂ ਨੂੰ ਸਰਕਾਰੀ ਦਫ਼ਤਰਾਂ ‘ਚ ਕੰਮ ਕਰਵਾਉਣ ਲਈ ਦਲਾਲਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕ੍ਰਮਚਾਰੀ ਕੰਮ ਕਰਵਾਉਣ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਮਲਾ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਵਿਜੀਲੈਂਸ ਵਿਭਾਗ ਦੇ ਟੋਲ ਫ਼ਰੀ ਨੰਬਰ 1800-1800-1000 ਜਾਂ ਉਨਾਂ ਨਾਲ ਟੈਲੀਫ਼ੋਨ ਨੰਬਰ 01632-244078 ‘ਤੇ ਬੇ-ਝਿਜਕ ਹੋ ਕੇ ਭਿ੍ਰਸ਼ਟਾਚਾਰ ਮੁਲਾਜ਼ਮ ਵਿਰੁੱਧ ਸ਼ਿਕਾਇਤ ਕਰ ਸਕਦਾ ਹੈ। ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਮੋਗਾ ਪਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਰਿਸ਼ਵਤ ਲੈਣਾ ਅਤੇ ਰਿਸ਼ਵਤ ਦੇਣਾ ਇੱਕ ਜ਼ੁਰਮ ਹੈ। ਉਨਾਂ ਸਮਾਜ ਵਿੱਚੋਂ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਮਾਜ ਸੇਵੀ ਸੁਨੀਲ ਕੁਮਾਰ ਸ਼ਰਮਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋ ਇਲਾਵਾ ਐਸ.ਪੀ.(ਹੈਡ) ਪਿ੍ਰਥੀਪਾਲ ਸਿੰਘ, ਸਿਵਲ ਸਰਜਨ ਡਾ: ਮਨਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ: ਅਰੁਣ ਗੁਪਤਾ, ਇੰਸਪੈਕਟਰ ਵਿਜੀਲੈਂਸ ਬਿਊਰੋ ਮੋਗਾ ਸੋਹਣ ਸਿੰਘ, ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਐਸ.ਕੇ.ਪੱਬੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਜਵਿੰਦਰ ਸਿੰਘ ਗੁੱਡੂ ਆਦਿ ਹਾਜ਼ਰ ਸਨ।