ਪੰਜਾਬ ਦੇ ਵਿਧਾਇਕਾਂ ਦਾ ਦੋ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਸਮਾਪਤ

ਚੰਡੀਗੜ੍ਹ, 21 ਨਵੰਬਰ:(ਜਸ਼ਨ):ਪੰਜਾਬ ਵਿਧਾਨ ਸਭਾ ਵੱਲੋਂ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਚੰਡੀਗੜ੍ਹ ਦੇ ਸਹਿਯੋਗ ਨਾਲ ਵਿਧਾਇਕਾਂ ਲਈ ਕਰਵਾਇਆ ਦੋ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ। ਸਮਾਪਤੀ ਸਮਾਗਮ ਮੌਕੇ ਬੋਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਹਰੇਕ ਵਿਧਾਇਕ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਮੰਚ ਨੂੰ ਸੂਬੇ ਦੇ ਲੋਕਾਂ ਦੀ ਬੇਹਤਰੀ ਲਈ ਵਰਤਿਆਂ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੇ ਮੁੱਦਿਆਂ ਤੇ ਸਮੱਸਿਆਂਵਾਂ ਨੂੰ ਹਰੇਕ ਵਿਧਾਇਕ ਨੂੰ ਉਸਾਰੂ ਤਰੀਕੇ ਨਾਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਇਹ ਓਰੀਐਂਟੇਸ਼ਨ ਪ੍ਰੋਗਰਾਮ ਲਾਹੇਵੰਦ ਸਿੱਧ ਹੋਵੇਗਾ ਕਿਉਂ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਮੈਂਬਰਾਂ ਨੂੰ ਵਿਧਾਨ ਸਭਾ ਦੀਆਂ ਕਾਰਵਾਈਆਂ, ਸੰਵਿਧਾਨ ਸਬੰਧੀ ਜਾਣਕਾਰੀ, ਹੋਰ ਵਿਧਾਨਕ ਪ੍ਰਕ੍ਰਿਆਵਾਂ ਅਤੇ ਤੌਰ ਤਰੀਕਿਆਂ ਬਾਰੇ ਮਹੱਤਵਪੂਰਣ ਜਾਣਕਾਰੀ ਦਿੱਤੀ ਗਈ ਹੈ।ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਬਹੁਤ ਸਾਰੇ ਵਿਧਾਇਕਾਂ ਵੱਲੋਂ ਸੈਸ਼ਨ ਦੇ ਸਮੇਂ ਨੂੰ ਲੰਬਾ ਕੀਤੇ ਜਾਣ ਅਤੇ ਜ਼ਿਆਦਾ ਬੈਠਕਾਂ ਕਰਨ ਦੀ ਮੰਗ ਨੂੰ ਉਹ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿਚ ਜ਼ਿਆਦਾ ਦਿਨਾਂ ਦਾ ਸੈਸ਼ਨ ਰੱਖਣ 'ਤੇ ਸਰਕਾਰ ਜ਼ਰੂਰ ਗੌਰ ਕਰੇਗੀ। ਓਰੀਐਂਟੇਸ਼ਨ ਪ੍ਰੋਗਰਾਮ ਵਿਚ ਹਾਜ਼ਰ ਵਿਧਾਇਕਾਂ ਦੀ ਮੰਗ ਉੱਤੇ ਸਪੀਕਰ ਨੇ ਭਰੋਸਾ ਦਿੱਤਾ ਕਿ ਵੱਖ-ਵੱਖ ਵਿਸ਼ਿਆਂ ਅਤੇ ਕੇਂਦਰੀ ਸਕੀਮਾਂ ਦੀ ਜਾਣਕਾਰੀ ਦੇਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅਜਿਹੇ ਹੋਰ ਪ੍ਰੋਗਰਾਮ ਵੀ ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣਗੇ।ਇਸ ਮੌਕੇ ਉਨ੍ਹਾਂ ਪਹਿਲੀ ਵਾਰ ਬਣੇ ਵਿਧਾਇਕਾਂ ਦੀ ਖਾਸ ਤੌਰ 'ਤੇ ਹੌਂਸਲਾ ਅਫਜਾਈ ਕੀਤੀ ਅਤੇ ਓਰੀਐਂਟੇਸ਼ਨ ਪ੍ਰੋਗਰਾਮ ਵਿਚ ਲੈਕਚਰ ਦੇਣ ਵਾਲੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ। ਲਿਓ ਟਾਲਸਤਾਏ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ ਬੰਦਾ ਦੇਸ਼ ਨੂੰ ਬਦਲਣ ਦੀ ਗੱਲ ਕਰਦਾ ਹੈ ਪਰ ਖੁਦ ਨੂੰ ਬਦਲਣ ਦੀ ਕੋਸ਼ਿਸ਼ ਨਹੀਂ ਕਰਦਾ। ਇਸ ਲਈ ਪਹਿਲਾਂ ਖੁਦ ਵਿਚ ਉਸਾਰੂ ਤਬਦੀਲੀ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਪ੍ਰਗਟ ਕੀਤੀ ਕਿ ਇਹ ਸਮਾਗਮ ਉਮੀਦ ਤੋਂ ਵੱਧ ਕਾਮਯਾਬ ਹੋਇਆ ਹੈ ਅਤੇ ਮੈਂਬਰਾਂ ਦੀ ਹਾਜ਼ਰੀ ਵੀ ਭਰਵੀਂ ਰਹੀ।ਇਸ ਮੌਕੇ ਵਿਧਾਇਕਾਂ ਤੋਂ ਖਾਸ ਤੌਰ 'ਤੇ ਫੀਡਬੈਕ ਲਈ ਗਈ ਅਤੇ ਓਰੀਐਂਟੇਸ਼ਨ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਾਰੇ ਮੈਂਬਰਾਂ ਦੀ ਤਰਫੋਂ ਸ੍ਰੀ ਅਰੁਣ ਨਾਰੰਗ, ਸ੍ਰੀ ਕੁਲਜੀਤ ਸਿੰਘ ਨਾਗਰਾ ਅਤੇ ਸ੍ਰੀਮਤੀ ਸਰਬਜੀਤ ਕੌਰ ਮਾਣੂੰਕੇ ਨੇ ਇਸ ਉੱਦਮ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਚੰਡੀਗੜ੍ਹ ਦੇ ਡਾਇਰੈਕਟਰ ਜਰਨਲ-ਕਮ-ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਡਾਇਰੈਕਟਰ ਰਾਜੀ ਪੀ. ਸ੍ਰੀਵਾਸਤਵਾ ਅਤੇ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਆਦਿ ਹਾਜ਼ਰ ਸਨ।