ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਮਾਨਵੀ ਇਤਿਹਾਸ ਵਿੱਚ ਲਾਮਿਸਾਲ-- ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 22 ਨਵੰਬਰ(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ ਹੈ।ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਜਿਨਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਾਨੂੰ ਮਾਨਵਤਾਵਾਦ, ਆਪਸੀ ਭਾਈਚਾਰੇ, ਸਾਹਸ ਅਤੇ ਦਿਆਲਤਾ ਦਾ ਸੰਦੇਸ਼ ਦਿੰਦੀ ਹੈ ਜਿਸ ਉਪਰ ਸਭ ਨੂੰ ਚੱਲਣ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਮਾਨਵੀ ਇਤਿਹਾਸ ਵਿੱਚ ਲਾਮਿਸਾਲ ਹੈ।