27 ਦੀ ਰੈਲੀ ਵਿੱਚ ਬਲਾਕ ਮੋਗਾ-1 ਤੋਂ 15 ਗੱਡੀਆਂ ਦਾ ਕਾਫ਼ਲਾ ਜਾਵੇਗਾ- ਬਲਕਰਨ ਮੋਗਾ

ਮੋਗਾ, 24 ਨਵੰਬਰ (ਜਸ਼ਨ)-ਭਾਰਤੀ ਕਮਿਊਨਿਸਟ ਪਾਰਟੀ ਪੰਜਾਬ ਵੱਲੋਂ 27 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਬਲਾਕ ਮੋਗਾ-1 ਤੋਂ 15 ਗੱਡੀਆਂ ਦਾ ਕਾਫ਼ਲਾ ਸ਼ਿਰਕਤ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਆਈ. ਬਲਾਕ ਮੋਗਾ-1 ਦੇ ਸਕੱਤਰ ਬਲਕਰਨ ਮੋਗਾ ਨੇ ਵੱਖ ਵੱਖ ਪਿੰਡਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਤੇ ਕਾਂਗਰਸ ਦੀਆਂ ਸਰਕਾਰਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ। ਸਰਕਾਰ ਦੀਆਂ ਉਦਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆ ਤੇ ਨੋਟਬੰਦੀ ਤੇ ਜੀ.ਐਸ.ਟੀ. ਦੇ ਲਏ ਫੇਸਲਿਆਂ ਨੇ ਜਿੱਥੇ ਕਾਰਪੋਰੇਟ ਸੈਕਟਰ ਨੂੰ ਲਾਭ ਪਹੁੰਚਾਇਆ ਹੈ ਉਥੇ ਆਮ ਲੋਕਾ ਦੇ ਕਾਰੋਬਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਹੈ। ਲੱਖਾਂ ਕੰਮ’ਚ ਲੱਗੇ ਲੋਕ ਬੇਰੁਜ਼ਗਾਰਾਂ ਦੀ ਕਤਾਰ ਵਿੱਚ ਖੜ੍ਹੇ ਕਰ ਦਿੱਤੇ ਗਏ ਹਨ। ਆਮ ਲੋਕਾਂ ਦਾ ਵਿੱਦਿਆ, ਸਿਹਤ ਤੇ ਰੁਜ਼ਗਾਰ ਵਰਗੇ ਬੁਨਿਆਦੀ ਮਸਲਿਆਂ ਤੋਂ ਧਿਆਨ ਹਟਾਉਣ ਲਈ ਫਿਰਕਾਪ੍ਰਸਤੀ ਦੀ ਗੰਦੀ ਖੇਡ ਖੇਡੀ ਜਾ ਰਹੀ ਹੈ। ਫਿਰਕਾਪ੍ਰਸਤੀ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਸਖ਼ਤੀ ਨਾਲ ਕੁਚਲਿਆ ਜਾ ਰਿਹਾ ਹੈ। ਪੰਜਾਬ ਦੀ ਕਾਂਗਰਸ ਸਰਕਾਰ ਨੇ ਬੇਰੁਜ਼ਗਾਰੀ ਤੇ ਕਿਸਾਨੀ ਕਰਜ਼ਿਆਂ ਨੂੰ ਸੱਤਾ ਪ੍ਰਾਪਤੀ ਲਈ ਰਾਜਨੀਤਿਕ ਹਥਿਆਰ ਬਣਾ ਕੇ ਵਰਤਿਆ ਹੈ। ਸਰਕਾਰ ਬਣਦਿਆਂ ਹੀ ਕਾਂਗਰਸ ਸਰਕਾਰ ਨੇ ਨਵਾਂ ਰੁਜ਼ਗਾਰ ਦੇਣ ਦੀ ਬਜਾਏ ਪਹਿਲਾਂ ਹੀ ਕੰਮ ਤ ਲੱਗਿਆਂ ਤੋਂ ਕੰਮ ਖੋਹਣ ਦੀਆਂ ਨੀਤੀਆਂ ਅਮਲ ਵਿੱਚ ਲਿਆਂਦੀਆਂ ਹਨ। ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਇਨ੍ਹਾਂ ਹਾਲਤਾਂ ਵਿੱਚ ਲੋਕ ਮਸਲਿਆਂ ਦੇ ਹੱਲ ਲਈ ਕਿਰਤ ਦੀ ਧਿਰ ਦਾ ਏਕਾ ਬਹੁਤ ਜ਼ਰੂਰੀ ਹੈ। ਇਸ ਮੌਕੇ ਹਾਜ਼ਰ ਆਗੂਆਂ ਵਿੱਚ ਗੁਰਮੀਤ ਚੂਹੜਚੱਕ, ਮਲਕੀਤ ਚੜਿੱਕ, ਬਲਜੀਤ ਤਖਾਣਵੱਧ ਵੀ ਸ਼ਾਮਲ ਸਨ।