ਸੂਬੇ ਦਾ ਸਰਬਪੱਖੀ ਵਿਕਾਸ ਹੀ ਕੈਪਟਨ ਸਰਕਾਰ ਦਾ ਮੁੱਖ ਏਜੰਡਾ-ਡਾ: ਹਰਜੋਤ ਕਮਲ

ਮੋਗਾ 3 ਦਸੰਬਰ(ਜਸ਼ਨ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਸੂਬੇ ਦੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾ: ਹਰਜੋਤ ਕਮਲ (ਵਿਧਾਇਕ ਮੋਗਾ) ਨੇ ਕਿਹਾ ਕਿ ਹਲਕਾ ਮੋਗਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮੋਗਾ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕੇ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਉਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕੱੁਝ ਨਹੀਂ ਕੀਤਾ ਅਤੇ ਆਪਣੇ ਦਸ ਸਾਲਾਂ ਦੇ ਰਾਜਕਾਲ ਦੌਰਾਨ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਦਿੱਤਾ। ਵਿਧਾਇਕ ਡਾ: ਹਰਜੋਤ ਨੇ ਕਿਹਾ ਕਿ ਉਨਾਂ ਵੱਲੋਂ ਹਲਕਾ ਮੋਗਾ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਸੀਵਰੇਜ, ਪੀਣ ਵਾਲਾ ਸਾਫ ਪਾਣੀ, ਸੜਕਾਂ, ਰੌਸ਼ਨੀ ਅਤੇ ਸਿਹਤ ਸੇਵਾਵਾਂ ਆਦਿ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਗਏ ਲੋਕਾਂ ਲਈ ਸਰਕਾਰ ਵੱਲੋਂ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ‘ ਚਲਾਈ ਗਈ ਹੈ, ਜਿਸ ਅਧੀਨ ਪਿੰਡਾਂ ਵਿੱਚ ਭਲਾਈ ਸਕੀਮਾਂ ਤੋਂ ਵਾਂਝੇ ਲੋਕਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਲਾਭ ਉਠਾ ਸਕੇ। ਵਿਧਾਇਕ ਡਾ: ਹਰਜੋਤ ਕਮਲ ਨੇ ਕਿਹਾ ਕਿ ਹਰ ਰਾਜਨੀਤਕ ਪਾਰਟੀ ਦੀ ਸਰਕਾਰ ਦਾ ਇਹ ਮੁੱਖ ਫਰਜ਼ ਬਣਦਾ ਹੈ ਕਿ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜ਼ਰੂਰ ਪ੍ਰਦਾਨ ਕਰਵਾਈਆਂ ਜਾਣ, ਪ੍ਰੰਤੂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕੇਵਲ ਆਪਣੇ ਚਹੇਤਿਆਂ ਦੇ ਹਲਕਿਆਂ ਨੂੰ ਛੱਡ ਕੇ ਹੋਰ ਕਿਸੇ ਵੀ ਹਲਕੇ ਦੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ ਅਤੇ ਆਮ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸੂਬੇ ਨੂੰ ਤਬਾਹੀ ਦੇ ਕੰਢੇ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਸੂਬੇ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਯਤਨਸੀਲ ਹਨ ਅਤੇ ਉਨਾਂ ਦੀ ਯੋਗ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋਵੇਗਾ। ਉਨਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ।


