ਨੁੱਕੜ ਨਾਟਕਾਂ ਜ਼ਰੀਏ ਭਰੂਣ ਹੱਤਿਆ ਵਿਰੁੱਧ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਹਰਪ੍ਰੀਤ ਸਿੰਘ ਅਟਵਾਲ

ਮੋਗਾ 14 ਦਸੰਬਰ(ਜਸ਼ਨ)-ਜ਼ਿਲਾ ਪ੍ਰਸ਼ਾਸਨ ਵੱਲੋਂ ਨੁੱਕੜ ਨਾਟਕਾਂ ਦੇ ਜ਼ਰੀਏ ਆਮ ਲੋਕਾਂ ਨੂੰ ‘ਬੇਟੀ ਬਚਾਓ- ਬੇਟੀ ਪੜਾਓ ‘ ਸਕੀਮ ਤਹਿਤ ਭਰੂਣ ਹੱਤਿਆ ਵਿਰੁੱਧ ਜਾਗੂਰਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ‘ਬੇਟੀ ਬਚਾਓ-ਬੇਟੀ ਪੜਾਓ ‘ ਜਾਗਰੂਕਤਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ: ਅਟਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ‘ਬੇਟੀ ਬਚਾਓ-ਬੇਟੀ ਪੜਾਓ ‘ ਸਕੀਮ ਬਾਰੇ ਜ਼ਿਲੇ ਦੇ ਲੋਕਾਂ ਨੂੰ ਜਾਗੂਰਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਮੰਤਵ ਲਈ ਜ਼ਿਲਾ ਪੱਧਰ ‘ਤੇ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਲੜਕੀਆਂ ਦੇ ਜਨਮ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਪਿੰਡਾਂ ਦੀਆਂ ਸੱਥਾਂ ਅਤੇ ਸਕੂਲਾਂ ‘ਚ ਨੁੱਕੜ ਨਾਟਕਾਂ ਰਾਹੀਂ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਭਰੂਣ ਹੱਤਿਆ ਖਿਲਾਫ਼ ਜਾਗਰੂਕ ਕੀਤਾ ਜਾਵੇਗਾ। ਮੀਟਿੰਗ ਵਿੱਚ ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ, ਸਹਾਇਕ ਸਿਵਲ ਸਰਜਨ ਡਾ: ਅਰੁਣ ਕੁਮਾਰ ਗੁਪਤਾ, ਜ਼ਿਲਾ ਲੋਕ ਸੰਪਰਕ ਅਫ਼ਸਰ ਤੇਜਾ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਅਤੇ ਜ਼ਿਲਾ ਨਾਜ਼ਰ ਪ੍ਰਵੀਨ ਕੁਮਾਰ ਆਦਿ ਹਾਜ਼ਰ ਸਨ।


