ਵਿਰੋਧੀ ਧਿਰ ਅਤੇ ਸ਼੍ਰੋਮਣੀ ਕਮੇਟੀ ਦੇ ਬਾਈਕਾਟ ਦੌਰਾਨ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਫ਼ਲਤਾ ਨਾਲ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ, 12 ਫਰਵਰੀ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਜੰਗੀ ਪੱਧਰ ’ਤੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਆਗੂ ਸੋਮਵਾਰ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਸ਼ਾਮਲ ਨਾ ਹੋਏ।     ਭਾਵੇਂ ਵਿਭਾਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਲੌਂਗੋਵਾਲ, ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਰਗੇਨਾਇਜਿੰਗ ਕਮੇਟੀ ਦੀ ਪਹਿਲੀ ਜਾਇਜ਼ਾ ਮੀਟਿੰਗ ਵਿੱਚ ਸ਼ਮੂਹਲੀਅਤ ਕਰਨ ਦਾ ਸੱਦਾ ਦਿੱਤਾ ਸੀ ਪਰ ਉਹ ਮੀਟਿੰਗ ਵਿੱਚ ਹਾਜ਼ਰ ਨਾ ਹੋਏ। ਇਹ ਮੀਟਿੰਗ ਪਹਿਲੇ ਸਿੱਖ ਗੁਰੂ ਜੀ ਦੇ 550ਵੇਂ ‘ਪ੍ਰਕਾਸ਼ ਪੁਰਬ’ ਸਮਾਰੋਹ ਦਾ ਵਿਸਤਿ੍ਰਤ ਪ੍ਰੋਗਰਾਮ ਤਿਆਰ ਕਰਨ ਲਈ ਸੱਦੀ ਗਈ ਸੀ।  ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ ਨੇ ਇਸ ਮਹੱਤਵਪੂਰਨ ਪਵਿੱਤਰ ਧਾਰਮਿਕ ਸਮਾਗਮ ਨੂੰ ਸਿਆਸੀ ਰੰਗਤ ਦੇਣ ਦਾ ਰਾਹ ਚੁਣਿਆ ਅਤੇ ਇਸ ਮੀਟਿੰਗ ਦਾ ਬਾਈਕਾਟ ਕੀਤਾ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਅਜਿਹਾ ਮੌਕਾ ਹੈ ਜਦੋਂ ਸਾਰੀ ਸਿਆਸੀਆਂ ਪਾਰਟੀਆਂ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉਠਣਾ ਚਾਹੀਦਾ ਹੈ। ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿੱਚ ਹਿੱਸਾ ਨਾ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਅਪਮਾਨ ਕੀਤਾ ਹੈ ਜਿਨਾਂ ਨੇ ਮਾਨਵਤਾ ਨੂੰ ਪਿਆਰ ਅਤੇ ਫਿਰਕੂ ਸਦਭਾਵਨਾ ਦਾ ਸੁਨੇਹਾ ਦਿੱਤਾ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨਾਲ ਮਿਲ ਕੇ ਇਹ ਕਾਰਜ ਕਰੇ ਤਾਂ ਜੋ ਇਸ ਸਮਾਰੋਹ ਦੀ ਵੱਡੀ ਸਫਲਤਾ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਇਹ ਸਮਾਰੋਹ ਪੂਰੇ ਧਾਰਮਿਕ ਜਜ਼ਬੇ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਸਕੇ। ਇਸ ਇਤਿਹਾਸਕ ਮੌਕੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਉਹ ਇਸ ਮਾਮਲੇ ’ਤੇ ਵਿਰੋਧੀ ਧਿਰ ਦੇ ਆਗੂਆਂ ਨਾਲ ਸੰਪਰਕ ਕਰਨ। ਸ੍ਰੀ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਕਿ ਉਹ ਮੁੱਖ ਮੰਤਰੀ ਤਰਫੋਂ ਨਿੱਜੀ ਤੌਰ ’ਤੇ ਵਿਰੋਧੀ ਧਿਰ ਦੇ ਸਾਰੇ ਆਗੂਆਂ ਅਤੇ ਐਸ.ਜੀ.ਪੀ.ਸੀ. ਤੱਕ ਪਹੁੰਚ ਕਰਨਗੇ ਅਤੇ ਉਨਾਂ ਨੂੰ ਸਿਆਸੀ ਲੀਹਾਂ ਤੋਂ ਉੱਪਰ ਉੱਠ ਕੇ ਇਸ ਮਹਾਨ ਪਵਿੱਤਰ ਸਮਾਰੋਹ ਵਿੱਚ ਸਮੂਹਿਕ ਤੌਰ ’ਤੇ ਸਮੂਹਲੀਅਤ ਕਰਨ ਵਾਸਤੇ ਮਨਾਉਣਗੇ। ਮੀਟਿੰਗ ਦੌਰਾਨ ਇਹ ਸਮਾਰੋਹ ਮਨਾਉਣ ਦੇ ਵੱਖ-ਵੱਖ ਪੱਖਾਂ ’ਤੇ ਧਿਆਨ ਦੇਣ ਲਈ ਇਕ ਸਬ-ਕਮੇਟੀ ਗਠਿਤ ਕਰਨ ਦਾ ਸੈਰ ਸਪਾਟਾ ਮੰਤਰੀ ਨੂੰ ਅਧਿਕਾਰ ਦਿੱਤਾ ਗਿਆ ਅਤੇ ਉਨਾਂ ਨੂੰ ਆਪਣੇ ਰਿਪੋਰਟ ਛੇਤੀ ਤੋਂ ਛੇਤੀ ਪੇਸ਼ ਕਰਨ ਲਈ ਕਿਹਾ। ਇਸ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਰੋਹ ਵਿੱਚ ਕੇਵਲ 18 ਕੁ ਮਹੀਨੇ ਹੀ ਰਹਿ ਗਏ ਹਨ ਜਿਸ ਕਰਕੇ ਇਸ ਕਾਰਜ ਨੂੰ ਜੰਗੀ ਪੱਧਰ ’ਤੇ ਕਰਨ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਸਮਾਗਮਾਂ ਦੀ ਸਫਲਤਾ ਨੂੰ ਯਕੀਨੀ ਬਣਾਏ ਜਾਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ ਕਿਉਂਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਆਪਣੇ ਜੀਵਨ ਦੌਰਾਨ ਇਹ ਸਮਾਗਮ ਮਨਾਉਣ ਦਾ ਮੌਕਾ ਮਿਲਿਆ ਹੈ। ਇਸ ਮੀਟਿੰਗ ਵਿਚ ਵੱਖ ਵੱਖ ਉੱਘੇ ਵਿਦਵਾਨ, ਫਿਲਾਸਫਰ ਅਤੇ ਵੱਖ ਵੱਖ ਖੇਤਰਾਂ ਦੀਆਂ ਹੋਰ ਉੱਘੀਆਂ ਸਖਸ਼ੀਅਤਾਂ ਹਾਜ਼ਰ ਹੋਈਆਂ ਜਿਨਾਂ ਵਿਚ ਉੱਘੇ ਸਿੱਖ ਸਕਾਲਰ ਡਾ. ਕਿਰਪਾਲ ਸਿੰਘ, ਉੱਘੇ ਸਿਆਸੀ ਸਮਾਜ ਸਾਸ਼ਤਰੀ ਦਿਪਾਂਕਰ ਗੁਪਤਾ, ਚੇਅਰਮੈਨ ਪੰਜਾਬ ਆਰਟ ਕਾਊਂਸਲ ਅਤੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ, ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ.ਐਸ. ਘੁੰਮਣ ਸ਼ਾਮਲ ਸਨ। ਇਨਾਂ ਸਖਸ਼ੀਅਤਾਂ ਨੇ ਇਸ ਸਮਾਰੋਹ ਨੂੰ ਮਨਾਉਣ ਸਬੰਧੀ ਆਪਣੇ ਵੱਖ ਵੱਖ ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਉਨਾਂ ਨੂੰ ਆਪਣੇ ਪ੍ਰਸਤਾਵ ਅਤੇ ਸੁਝਾਅ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਕੋਲ ਪੇਸ਼ ਕਰਨ ਲਈ ਕਿਹਾ ਤਾਂ ਜੋ ਸੂਬਾ ਸਰਕਾਰ ਇਸ ਸਮਾਰੋਹ ਬਾਰੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਸਕੇ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਇਸ ਵਾਸਤੇ ਲੋੜੀਂਦੇ ਫੰਡਾਂ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਨੂੰ ਆਪਣਾ ਪ੍ਰਸਤਾਵ ਭੇਜ ਸਕਦੀ ਹੈ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ ਅਤੇ ਰਜ਼ਿਆ ਸੁਲਤਾਨਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ, ਕਪੂਰਥਲਾ ਦੇ ਮਹਾਰਾਜਾ ਬਿ੍ਰਗੇਡੀਅਰ (ਸੇਵਾ ਮੁਕਤ) ਸੁਖਜੀਤ ਸਿੰਘ, ਚੇਅਰਮੈਨ ਆਨੰਦ ਫਾਊਂਡੇਸ਼ਨ ਭਾਈ ਬਲਦੀਪ ਸਿੰਘ, ਡਾਇਰੈਕਟਰ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟਡੀਜ਼ ਭਾਈ ਵੀਰ ਸਿੰਘ, ਸਾਹਿਤਯਾ ਸਦਨ ਨਵੀਂ ਦਿੱਲੀ ਮਹਿੰਦਰ ਸਿੰਘ, ਐਡੀਸ਼ਨਲ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਵਿਕਾਸ ਪ੍ਰਤਾਪ, ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕੇ.ਐਸ. ਪਨੂੰ ਸ਼ਾਮਲ ਸਨ।