ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪ੍ਰਧਾਨ ਮੰਤਰੀ ਪਾਸੋਂ ਵਿਸ਼ੇਸ਼ ਸਹਾਇਤਾ ਦੀ ਮੰਗ

ਚੰਡੀਗੜ, 15 ਫਰਵਰੀ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕਰਦਿਆਂ ਤਿਆਰੀਆਂ ਲਈ ਇੰਤਜ਼ਾਮੀਆ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ।  ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ’ਤੇ ਕਮੇਟੀ ਦੀ ਅਗਵਾਈ ਕਰਨ ਲਈ ਆਖਿਆ ਜੋ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੀ ਸਰਪ੍ਰਸਤੀ ਹੇਠ ਕਾਇਮ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਮਿੱਥੇ ਗਏ ਉਦੇਸ਼ ’ਤੇ ਪਹੁੰਚਾਇਆ ਜਾ ਸਕੇ।  ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਇਕ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਪ੍ਰਧਾਨ ਮੰਤਰੀ ਕੋਲ ਸੌਂਪ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਯਾਦਗਾਰੀ ਸਮਾਰੋਹ ਲਈ ਯੋਜਨਾ ਤੇ ਕਾਰਜ ਉਲੀਕਣ ਅਤੇ ਇਸ ਪਵਿੱਤਰ ਦਿਹਾੜੇ ਖਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਥਾਨਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਭਾਰਤ ਸਰਕਾਰ ਪਾਸੋਂ ਸੂਬਾ ਸਰਕਾਰ ਦੀ ਮਦਦ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਨੇ ਇਸ ਪਵਿੱਤਰ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪਸਾਰ ਨਾ ਸਿਰਫ ਮੁਲਕ ਵਿੱਚ ਸਗੋਂ ਦੁਨੀਆ ਦੇ ਬਾਕੀ ਹਿੱਸਿਆਂ ਵਿੱਚ ਵੀ ਕੀਤਾ ਜਾ ਸਕੇ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੋਜਨਾ ਤੇ ਪ੍ਰੋਗਰਾਮ ਉਲੀਕਣ ਲਈ ਸੂਬਾ ਪੱਧਰ ’ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨਾਂ ਕਿਹਾ, ‘‘ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ ਜੋ ਸਾਲ 2019 ਵਿੱਚ ਮਨਾਇਆ ਜਾਣਾ ਹੈ।’’