ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ ਚੋਣ ਲਈ ਕੁੱਲ 4 ਉਮੀਦਵਾਰ ਚੋਣ ਮੈਦਾਨ ‘ਚ-ਸੁਖਪ੍ਰੀਤ ਸਿੰਘ ਸਿੱਧੂ

ਮੋਗਾ 16 ਫ਼ਰਵਰੀ (ਜਸ਼ਨ)-ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਮੋਗਾ ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ 24 ਫ਼ਰਵਰੀ ਨੂੰ ਹੋਣ ਵਾਲੀ ਚੋਣ ਲਈ ਇੱਕ ਉਮੀਦਵਾਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਜਾਣ ਉਪਰੰਤ ਕੁੱਲ 4 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸਿਮਰਨਜੀਤ ਕੌਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ। ਇਸ ਤਰਾਂ ਹੁਣ ਇੰਡੀਅਨ ਨੈਸ਼ਨਲ ਕਾਂਗਰਸ ਦੇ ਗੁਰਪ੍ਰੀਤ ਕੌਰ, ਸ੍ਰੋਮਣੀ ਅਕਾਲੀ ਦਲ ਦੇ ਗੁਰਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਬੇਅੰਤ ਕੌਰ ਅਤੇ ਆਜ਼ਾਦ ਉਮੀਦਵਾਰ ਸੁਖਵਿੰਦਰ ਕੌਰ ਕੁੱਲ 4 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ। ਉਨਾਂ ਦੱਸਿਆ ਕਿ 24 ਫਰਵਰੀ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸਾਮ 4 ਵਜੇ ਤੱਕ ਪੈਣਗੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੌਕ ਸੇਖਾ ਵਿਖੇ ਦੋ ਬੂਥਾਂ ‘ਤੇ 2,958 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਉਨਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਹੀ ਸ਼ਾਮ ਨੂੰ ਵੋਟ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਵੋਟਾਂ ਦੀ ਗਿਣਤੀ ਹੋਵੇਗੀ।