ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦੀ ਉਡੀਕ ਕਰ ਰਿਹਾਂ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 19 ਫਰਵਰੀ (ਜਸ਼ਨ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਅੰਮਿ੍ਰਤਸਰ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਸੂਬੇ ਦੇ ਕੈਨੇਡਾ ਨਾਲ ਨਜ਼ਦੀਕੀ ਵਪਾਰਿਕ ਸਬੰਧਾਂ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿੱਚਕਾਰ ਸਬੰਧਾਂ ਨੂੰ ਹੋਰ ਉਚਾਈ ਤੱਕ ਲਿਜਾਣ ਲਈ ਪੂਰੀ ਤਰਾਂ ਤਿਆਰ ਹਨ। ਮੁੱਖ ਮੰਤਰੀ ਨੇ ਪਹਿਲਾਂ ਹੀ 21 ਫਰਵਰੀ ਨੂੰ ਦੌਰੇ ’ਤੇ ਆ ਰਹੇ ਵਿਦੇਸ਼ੀ ਮਹਿਮਾਨ ਦੇ ਪੂਰੇ ਸਤਿਕਾਰ ਅਤੇ ਆਦਰ-ਮਾਣ ਲਈ ਸੂਬਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਉਨਾਂ ਨੇ ਕਿਹਾ ਹੈ ਕਿ ਉਹ ਇਸ ਮੀਟਿੰਗ ਦੀ ਉਡੀਕ ਕਰ ਰਹੇ ਹਨ।ਮੁੱਖ ਮੰਤਰੀ ਨੇ ਕੀਤੇ ਆਪਣੇ ਟਵੀਟ ਵਿੱਚ ਕਿਹਾ ਹੈ, ‘‘ਮੈਂ ਬੁੱਧਵਾਰ ਨੂੰ ਅੰਮਿ੍ਰਤਸਰ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਨੂੰ ਉਮੀਦ ਹੈ ਕਿ ਇਹ ਮੀਟਿੰਗ ਕੈਨੇਡਾ ਅਤੇ ਭਾਰਤ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਦੇਵੇਗੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿੱਚਕਾਰ ਡੂੰਘੇ ਸਬੰਧ ਪੈਦਾ ਹੋਣਗੇ।’’ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਰੂਡੋ ਨਾਲ ਹੋਣ ਵਾਲੀ ਆਪਣੀ ਮੀਟਿੰਗ ਦੇ ਸਬੰਧ ਵਿੱਚ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਨਾਲ ਕੈਨੇਡਾ ਅਤੇ ਭਾਰਤ ਵਿੱਚਕਾਰ ਖਾਸ ਕਰ ਪੰਜਾਬ ਦੇ ਸੰਦਰਭ ਵਿੱਚ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ ਕਿਉਂਕਿ ਕੈਨੇਡਾ ਵਿੱਚ ਪੰਜਾਬ ਦਾ ਵੱਡਾ ਭਾਈਚਾਰਾ ਵੱਸਦਾ ਹੈ। ਬੁਲਾਰੇ ਅਨੁਸਾਰ ਇਸ ਦੌਰਾਨ  ਵਪਾਰ ਅਤੇ ਵਣਜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਵਿੱਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਉਮੀਦ ਹੈ। ਕੈਪਟਨ ਅਮਰਿੰਦਰ ਨੇ ਇਸ ਦਿਸ਼ਾ ਵੱਲ ਟਰੂਡੋ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕੈਨੇਡਾ ਨਾਲ ਡੂੰਘੀ ਸਾਂਝ ਹੈ ਜਿੱਥੇ ਵੱਡੀ ਪੱਧਰ ’ਤੇ ਪੰਜਾਬੀ ਭਾਈਚਾਰਾ ਵੱਸਦਾ ਹੈ ਅਤੇ ਇਨਾਂ ਵਿੱਚਕਾਰ ਸਬੰਧਾਂ ਨੂੰ ਹਮੇਸ਼ਾ ਹੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਕੈਨੇਡਾ ਦੀ ਸੰਸਦ ਵਿੱਚ ਦੋ ਸਾਲ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਮੰਗੀ ਗਈ ਮੁਆਫੀ ਦਾ ਵੀ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਜਿਸ ਵਿੱਚ ਟਰੂਡੋ ਨੇ 1914 ਦੇ ਕਾਮਾਗਾਟਾ ਮਾਰੂ ਦੀ ਘਟਨਾ ਵਾਸਤੇ ਮੁਆਫੀ ਮੰਗੀ ਸੀ। ਇਸ ਘਟਨਾ ਦੌਰਾਨ ਸਮੁੰਦਰੀ ਜਹਾਜ਼ ਵਿੱਚ ਸਵਾਰ ਸੈਂਕੜੇ ਸਿੱਖ, ਮੁਸਲਿਮ ਅਤੇ ਹਿੰਦੂ ਯਾਤਰੀਆਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ ਅਤੇ ਉਨਾਂ ਨੂੰ ਭਾਰਤ ਵਾਪਸ ਮੁੜਣ ਲਈ ਮਜਬੂਰ ਹੋਣਾ ਪਿਆ ਸੀ ਜਿੱਥੇ ਉਨਾਂ ਨੂੰ ਹਿੰਸਕ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇੱਕ ਸਦਭਾਵਨਾ ਦਾ ਸੰਕੇਤ ਹੈ ਜਿਸ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਡੂੰਘਾਈ ਨੂੰ ਰੇਖਾਂਕਿਤ ਕੀਤਾ ਹੈ। ਉਨਾਂ ਕਿਹਾ ਕਿ ਬੁੱਧਵਾਰ ਦੀ ਮੀਟਿੰਗ ਦੌਰਾਨ ਇਨਾਂ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਇਹ ਯਕੀਨੀ ਬਨਾਉਣ ਦਾ ਹੁਕਮ ਦਿੱਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨਾਂ ਦੇ ਪਰਿਵਾਰ ਨੂੰ ਉਨਾਂ ਦੇ ਰੁਤਬੇ ਮੁਤਾਬਕ ਪੂਰਾ ਅਦਬ ਦਿੱਤਾ ਜਾਵੇ। ਉਨਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ, ਉਨਾਂ ਦੇ ਪਰਿਵਾਰ ਅਤੇ ਉਨਾਂ ਦੇ ਨਾਲ ਆਉਣ ਵਾਲੇ ਵਫਦ ਦਾ ਇਸ ਪਵਿੱਤਰ ਸ਼ਹਿਰ ਦਾ ਦੌਰਾ ਪੂਰੀ ਤਰਾਂ ਯਾਦਗਾਰੀ ਤੇ ਖੁਸ਼ੀ ਭਰਪੂਰ ਬਨਾਉਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਸਹੂਲਤ ਦੇਣ ਵਾਸਤੇ ਅਧਿਕਾਰੀਆਂ ਨੂੰ ਆਖਿਆ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ
------