ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ,ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੁੱਦਾ ਉਠਾਇਆ

ਫ਼ਿਰੋਜ਼ਪੁਰ ,13 ਮਾਰਚ(ਪੰਕਜ ਕੁਮਾਰ )- ਗੁਰੂਹਰਸਹਾਏ  ਤੋਂ ਸੀਨੀਅਰ ਕਾਂਗਰਸੀ ਆਗੂ ਵਿਧਾਇਕ ਸ: ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਸ੍ਰੀ ਅੰਮਿ੍ਰਤਸਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦਾ ਸਵਾਗਤ ਕੀਤਾ ਅਤੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਵਿਧਾਇਕ ਸ: ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਅੱਜ ਸ੍ਰੀ ਅੰਮਿ੍ਰਤਸਰ ਵਿਖੇ ਜ਼ਲ੍ਹਿਆਂ ਵਾਲਾ ਬਾਗ਼ ਵਿਖੇ ਕੌਮ ਦੇ ਮਹਾਨ ਸ਼ਹੀਦ ਸ਼ਹੀਦੇ-ਏ-ਆਜਮ ਸ੍ਰ.ਊਧਮ ਸਿੰਘ ਦੇ ਯਾਦਗਾਰੀ ਬੁੱਤ ਨੂੰ ਕੌਮ ਨੂੰ ਸਮਰਪਿਤ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਨੇ ਸ੍ਰੀ.ਰਾਜਨਾਥ ਸਿੰਘ ਨੂੰ ਸਰਹੱਦੀ ਜ਼ਿਲ੍ਹਿਆਂ ਤੇ ਖ਼ਾਸ ਕਰ ਫ਼ਿਰੋਜ਼ਪੁਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਅਤੇ ਉਨ੍ਹਾਂ ਤਂੋ ਮੰਗ ਕੀਤੀ ਕਿ ਕੇਂਦਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੰਡਿਆਲੀ ਤਾਰ ਤਂੋ ਪਾਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਦਿੱਤਾ ਜਾਂਦਾ ਮੁਆਵਜ਼ਾ ਜੋ ਕਿ ਬੰਦ ਕਰ ਦਿੱਤਾ ਗਿਆ ਸੀ, ਉਸ ਨੂੰ ਫਿਰ ਸ਼ੁਰੂ ਕੀਤਾ ਜਾਵੇ ਅਤੇ ਕੰਡਿਆਲੀ ਤਾਰ ਪਾਰ ਕਿਸਾਨਾਂ ਨੂੰ ਪੇਸ਼ ਆਉਂਦੀਆਂ ਹਰ ਦੀਆਂ ਮੁਸ਼ਕਿਲਾਂ ਦਾ ਵੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ।