ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਧਿਕਾਰੀਆਂ ਨੂੰ ਕੇਂਦਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੀਤਾ ਪ੍ਰੇਰਿਤ

ਮੋਗਾ 23 ਮਾਰਚ(ਜਸ਼ਨ)-ਭਾਰਤ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਵਿਕਾਸ ਪੱਖੋਂ ਪਛੜੇ ਦੇਸ਼ ਦੇ 115 ਜ਼ਿਲਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ, ਤਾਂ ਜੋ ਇਨਾਂ ਜ਼ਿਲਿਆਂ ਦਾ ਪਛੜਾਪਨ ਦੂਰ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲੇ ਦੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਲੋਹਗੜ, ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ, ਸੀਨੀਅਰ ਕਪਤਾਨ ਪੁਲਿਸ ਸ. ਰਾਜ ਜੀਤ ਸਿੰਘ ਹੁੰਦਲ, ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ, ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤਿ੍ਰਪਾਠੀ ਵੀ ਮੌਜੂਦ ਸਨ।

ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਪਛੜੇ ਜ਼ਿਲਿਆਂ ਦੇ ਵਿਕਾਸ ਨੂੰ 2022 ਤੱਕ ਮੁਕੰਮਲ ਕਰਨ ਦੀ ਯੋਜਨਾ ਬਣਾਈ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਸਰਵੇ ਵਿੱਚ ਮੋਗਾ ਅਤੇ ਸਰਹੱਦੀ ਜ਼ਿਲਾ ਫ਼ਿਰੋਜ਼ਪੁਰ ਜ਼ਿਲਿਆਂ ਦਾ ਸ਼ੁਮਾਰ ਪਛੜੇ ਜ਼ਿਲਿਆਂ ਵਿੱਚ ਹੋਇਆ ਹੈ ਤੇ ਭਾਰਤ ਸਰਕਾਰ ਵੱਲੋਂ ਇਨਾਂ ਜ਼ਿਲਿਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ, ਖੇਤੀਬਾੜੀ, ਹੁਨਰ ਵਿਕਾਸ, ਰੋਜ਼ਗਾਰ ਸਮੇਤ ਹੋਰ ਖੇਤਰਾਂ ਵਿਚ ਸੁਧਾਰ ਤੋਂ ਇਲਾਵਾ ਇਨਾਂ ਖੇਤਰਾਂ ਵਿਚ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਖੇਤੀ ਆਰਥਿਕਤਾ ਪੰਜਾਬ ਦੀ ਰੀੜ ਦੀ ਹੱਡੀ ਹੈ ਅਤੇ ਭਾਰਤ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਦੇ ਛੋਟੇ-ਵੱਡੇ ਉਦਯੋਗ ਸਥਾਪਿਤ ਕਰਨ ਲਈ ਵੱਡੀ ਪੱਧਰ ‘ਤੇ ਸਬਸਿਡੀਆਂ ਅਤੇ ਕਰਜ਼ੇ ਦਾ ਪ੍ਰਬੰਧ ਹੈ, ਜਿਸ ਦਾ ਵੱਧ ਤੋਂ ਵੱਧ ਉੱਦਮੀਆਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐੱਸ ਨੇ ਜੀ ਆਇਆਂ ਕਹਿੰਦਿਆਂ ਜ਼ਿਲੇ ਵਿੱਚ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਇਸ ਸਬੰਧੀ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨਾਂ ਕੇਂਦਰੀ ਮੰਤਰੀ ਬੀਬਾ ਬਾਦਲ ਨੂੰ ਉਨਾਂ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਭਰੋਸਾ ਵੀ ਦਿਵਾਇਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਨੇ ਕੇਂਦਰ ਸਰਕਾਰ ਦੀਆਂ ਸਿੱਖਿਆ, ਸਿਹਤ, ਪੇਂਡੂ ਵਿਕਾਸ ਖੇਤੀਬਾੜੀ, ਹੁਨਰ ਵਿਕਾਸ ਆਦਿ ਖੇਤਰ ਦੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ ਨੇੇ ਕਿਸਾਨ ਖੁਦਕਸ਼ੀਆਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਬੇਰੋਜ਼ਗਾਰੀ ਦੂਰ ਕਰਨ ਲਈ ਜ਼ਿਲੇ ਵਿੱਚ ਵੱਡੇ ਉਦਯੋਗ ਸਥਾਪਿਤ ਕਰਨ ਦੀ ਮੰਗ ਕੀਤੀ। ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਕੇਂਦਰੀ ਮੰਤਰੀ ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ ਮੋਗਾ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਧਰਮਕੋਟ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਬਾਘਾਪੁਰਾਣਾ ਅਮਰਬੀਰ ਸਿੰਘ ਸਿੱਧੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।