ਗੈਂਗਸਟਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਚਿਤਾਵਨੀ, ਆਖਿਆ ‘ਆਤਮ ਸਮਰਪਣ ਕਰੋ,ਨਹੀਂ ਤਾਂ ਕਰੜੇ ਹੱਥੀਂ ਨਿਪਟਾਂਗੇ’

ਚੰਡੀਗੜ, 27 ਮਾਰਚ  (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਤੌਰ ’ਤੇ ਆਖਿਆ ਕਿ ਜੇਕਰ ਗੈਂਗਸਟਰਾਂ ਨੇ ਆਤਮ ਸਮਰਪਣ ਨਾ ਕੀਤਾ ਤਾਂ ਉਨਾਂ ਦੀ ਸਰਕਾਰ ਇਨਾਂ ਨਾਲ ਕਰੜੇ ਹੱਥੀਂ ਨਿਪਟੇਗੀ। ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤੇ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਹਥਿਆਰ ਸੁੱਟਣ ਦੀ ਅਪੀਲ ਕਰਦਿਆਂ ਚਿਤਾਵਨੀ ਵੀ ਦਿੱਤੀ ਕਿ ਉਨਾਂ ਦੀ ਸਰਕਾਰ ਇਹ ਵੀ ਜਾਣਦੀ ਹੈ ਕਿ ਅਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਚੁੱਕੇ ਕਦਮਾਂ ਦਾ ਵੀ ਜ਼ਿਕਰ ਕੀਤਾ ਜੋ ਪਿਛਲੀ ਸਰਕਾਰ ਦੌਰਾਨ ਪੂਰੀ ਤਰਾਂ ਤਹਿਸ-ਨਹਿਸ ਹੋ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਸਿਸਟਮ ਪੂਰੀ ਤਰਾਂ ਖਤਮ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸਿਵਲ ਤੇ ਪੁਲੀਸ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਨਾ ਹੋਣ ਦੀ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ।