ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਸਿੰਘਾਂਵਾਲਾ ਵਿਖੇ 3 ਅਪ੍ਰੈਲ ਨੂੰ-ਡਾ: ਹਰਿੰਦਰਜੀਤ ਸਿੰਘ

ਮੋਗਾ 2 ਅਪ੍ਰੈਲ:(ਜਸ਼ਨ)-ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ: ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 03 ਅਪ੍ਰੈਲ ਨੂੰ ਜੀ.ਆਰ ਰਿਜੋਰਟਸ, ਮੋਗਾ-ਕੋਟਕਪੂਰਾ ਜੀ.ਟੀ.ਰੋਡ ਪਿੰਡ ਸਿੰਘਾਂ ਵਾਲਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ, ਮੋਗਾ ਸ. ਦਿਲਰਾਜ ਸਿੰਘ ਕਰਨਗੇੇ, ਜਦ ਕਿ ਡਾ: ਜਗਤਾਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਵਿਧਾਇਕ ਮੋਗਾ ਡਾ: ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਸ. ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸ. ਸੁਖਜੀਤ ਸਿੰਘ ਲੋਹਗੜ੍ਹ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਸਿਖਲਾਈ ਕੈਂਪ ਵਿਚ ਖੇਤੀਬਾੜੀ, ਸਹਾਇਕ ਧੰਦਿਆਂ ਅਤੇ ਖੇਤੀ ਮਸ਼ੀਨਰੀ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਖੇਤੀ ਸਬੰਧੀ ਮੁਸ਼ਕਲਾਂ ਦੇ ਹੱਲ ਖੇਤੀ ਮਾਹਿਰਾਂ ਵੱਲੋਂ ਮੌਕੇ ‘ਤੇ ਹੀ ਕੀਤੇ ਜਾਣਗੇ। ਉਨ੍ਹਾਂ ਕਿਸਾਨ ਭਰਾਵਾਂ ਨੂੰ ਇਸ ਕਿਸਾਨ ਕੈਂਪ ਵਿੱਚ ਹੁੰਮ-ਹੁੰਮਾ ਕੇ ਪੁੱਜਣ ਅਤੇ ਖੇਤੀ ਸਬੰਧੀ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ।


