ਐਮ.ਐਲ.ਏ. ਡਾ. ਹਰਜੋਤ ਨੇ ਲਿਆ ਮੰਡੀ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਗਾ, 26 ਅਪ੍ਰੈਲ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ: ਹਰਜੋਤ ਕਮਲ ਨੇ ਮੰਡੀ ਦੇ ਪ੍ਰਬੰਧਾਂ ਸਬੰਧੀ ਜ਼ਿਲਾ ਮੰਡੀ ਅਫ਼ਸਰ ਜਸਵੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੰਡੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਡਾ: ਹਰਜੋਤ ਨੇ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਕਿਸੇ ਤਰਾਂ ਦੀ ਸਮੱਸਿਆਂ ਨਾ ਆਵੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਡਾ: ਹਰਜੋਤ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਪਰੇਸ਼ਾਨੀ ਹੋ ਰਹੀ ਹੈ ਤਾਂ ਉਹ ਉਨਾਂ ਨੂੰ ਦਫ਼ਤਰ ਵਿੱਚ ਸੰਪਰਕ ਕਰਨ ਤਾਂ ਕਿ ਤੁਰੰਤ ਉਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ। ਇਸ ਮੌਕੇ ਤੇ ਜਿਲਾ ਮੰਡੀ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੇ ਸੁਚਾਰੂ ਢੰਗ ਨਾਲ ਚਲਾਏ ਜਾ ਰਹੇ ਹਨ ਅਤੇ ਕਣਕ ਦੀ ਆਮਦ ਇੱਕ ਦਮ ਜਿਆਦਾ ਹੋਣ ਕਾਰਨ ਕੁਝ ਸਮੇਂ ਲਈ ਸਮੱਸਿਆਂ ਜਰੂਰ ਆਈ ਸੀ, ਜਿਸਨੂੰ ਸੁਲਝਾ ਲਿਆ ਗਿਆ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਕੁੱਲ 736044 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਇਸ ਸਾਲ ਹੁਣ ਤੱਕ ਕੁੱਲ 647344 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਵਿੱਚੋਂ 641115 ਮੀਟਿ੍ਰਕ ਟਨ ਫ਼ਸਲ ਖਰੀਦੀ ਜਾ ਚੁੱਕੀ ਹੈ ਅਤੇ ਅਣਵਿਕੀ ਫ਼ਸਲ 6229 ਮੀਟਿ੍ਰਕ ਟਨ ਹੈ। ਉਨਾਂ ਦੱਸਿਆ ਕਿ ਹੁਣ ਤੱਕ 314058 ਮੀਟਿ੍ਰਕ ਟਨ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਫ਼ਸਲ ਦੀ ਲਿਫ਼ਟਿੰਗ ਵੀ ਆਉਣ ਵਾਲੇ ਦਿਨਾਂ ਵਿੱਚ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਪਨਗ੍ਰੇਨ ਨੇ 116008 ਮੀਟਿ੍ਰਕ ਟਨ, ਐਫ.ਸੀ.ਆਈ. ਨੇ 114378 ਮੀਟਿ੍ਰਕ ਟਨ, ਮਾਰਕਫੈਡ ਨੇ 143275 ਮੀਟਿ੍ਰਕ ਟਨ, ਪਨਸਪ ਨੇ 82428, ਵੇਅਰ ਹਾੳੂਸ ਨੇ 80906, ਐਗਰੋ ਨੇ 57886 ਅਤੇ ਪ੍ਰਾਈਵੇਟ ਏਜੰਸੀਆਂ ਵਲੋਂ 1234 ਮੀਟਿ੍ਰਕ ਟਨ ਫ਼ਸਲ ਖਰੀਦੀ ਜਾ ਚੁੱਕੀ ਹੈ। ਇਸ ਮੌਕੇ ਤੇ ਰਾਮਪਾਲ ਧਵਨ, ਜਗਦੀਸ਼ ਗੁੱਗੂ ਆਦਿ ਵੀ ਹਾਜ਼ਰ ਸਨ।