ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਰਿਵਾਰ ਸਮੇਤ ਸਾਰਾਗੜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ

ਫਿਰੋਜ਼ਪੁਰ,27 ਅਪਰੈਲ (ਪੰਕਜ ਕੁਮਾਰ)-ਕੈਬਨਿਟ ਮੰਤਰੀ  ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਦੌਰੇ ਦੌਰਾਨ ਫਿਰੋਜ਼ਪੁਰ ਦੇ ਇਤਿਹਾਸਕ ਅਸਥਾਨ ਸਾਰਾਗੜੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਜਿਥੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ । ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਸਾਰਾ ਪਰਿਵਾਰ ਉਹਨਾਂ ਦੇ ਨਾਲ ਗੁਰਦੁਆਰਾ ਸਾਰਾਗੜੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੰੁਚਿਆ ਹੋਇਆ ਸੀ। ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕਾਰਵਾਈ ਗਈ ਅਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਖੇਡ ਮੰਤਰੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ  । ਕਾਂਗਰਸ ਪਾਰਟੀ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਬਣਨ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹੇ ਵਿਖੇ ਪਹਿਲੀ ਵਾਰ ਪਹੁੰਚਣ ਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਸੀ।  ਉਨ੍ਹਾਂ ਦੇ ਸਵਾਗਤ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਸਵਾਗਤੀ ਸਮਾਗਮ ਰੱਖੇ ਗਏ ਸਨ। ਰਾਣਾ ਗੁਰਮੀਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਰੂ-ਬ-ਰ- ਹੰੁਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਕੇ ਉਨ੍ਹਾਂ ਦੀ ਇਮਾਨਦਾਰੀ, ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਭ ਤੋਂ ਵੱਡਾ ਇਨਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ-ਮੰਡਲ ਵਿਚ ਸ਼ਾਮਲ ਹੋਣ ਤੇ ਹਲਕਾ ਵਾਸੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ । ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਪੂਰੀ ਇਮਾਨਦਾਰੀ ਨਾਲ ਵਰਤੋਂ ਕਰਨਗੇ ਅਤੇ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਨਹੀਂ ਛੱਡਣਗੇ।