ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਖੋਸਾ ਪਾਂਡੋ ਵਿਖੇ 18 ਮਾਰਚ ਨੂੰ

ਮੋਗਾ 9 ਮਾਰਚ:(ਜਸ਼ਨ): ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਉਨਾਂ ਵੱਲੋਂ ਦਰਸਾਏ ਉੱਚ ਆਸ਼ੇ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ’ਤੇ ਅਮਲ ਕਰਨ ਦੀ ਕੜੀ ਵਜੋਂ ਜ਼ਿਲੇ ਦੇ ਪਿੰਡ ਖੋਸਾ ਕੋਟਲਾ ਵਿਖੇ ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਕੁਦਰਤ ਪੱਖੀ ਕਰਤਾਰਪੁਰੀ ਖੇਤੀ ਮਾਡਲ ਨੂੰ ਸਮਰਪਿਤ ਵਿਸ਼ੇਸ਼ ਕਿਸਾਨ ਸੈਮੀਨਾਰ 18 ਮਾਰਚ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਸਾਹਿਬ ਜੀ ਸ਼ਹੀਦ ਖੋਸਾ ਪਾਂਡੋ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਸੰਗਤਾਂ ਨੂੰ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਡਾ. ਬੀ.ਐਸ.ਢਿੱਲੋਂ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਡਾ: ਸਰਦਾਰਾ ਸਿੰਘ ਜੌਹਲ, ਡਾ: ਐਮ .ਐਸ ਜੱਗੀ, ਬਾਬਾ ਸਰਬਜੋਤ ਸਿੰਘ, ਕਾਹਨ ਸਿੰਘ ਪੰਨੂੰ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ, ਡਾ. ਹਰਨੇਕ ਸਿੰਘ ਰੋਡੇ ਸੀਨੀਅਰ ਖੇਤੀਬਾੜੀ ਅਫ਼ਸਰ ਮੋਗਾ ਅਤੇ ਗਿਆਨੀ ਜਗਤਾਰ ਸਿੰਘ ਜੀ ਪਹੁੰਚ ਕੇ ਪੰਜਾਬ ਦੇ ਕੋਨੇ-ਕੋਨੇ ਤੋਂ ਪੁੱਜੇ ਕਿਸਾਨ ਵੀਰਾਂ ਨੂੰ ਕੁਦਰਤੀ ਖੇਤੀ, ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਾਣੀ ਦੀ ਸਾਂਭ ਸੰਭਾਲ ਬਾਰੇ ਵਿਸ਼ੇਸ਼ ਜਾਣਕਾਰੀ ਦੇਣਗੇ। ਉਨਾਂ ਕਿਹਾ ਕਿ ਇਹ ਸਮਾਗਮ 18 ਮਾਰਚ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸਾਮ 5 ਵਜੇ ਤੱਕ ਹੋਵੇਗਾ। ਉਨਾਂ ਸਮੂਹ ਕਿਸਾਨ ਵੀਰਾਂ ਨੂੰ ਇਸ ਸੈਮੀਨਾਰ ਵਿੱਚ ਪਹੁੰਚਣ ਦੀ ਅਪੀਲ ਕੀਤੀ।