ਕਿਸਾਨਾਂ ਦਾ ਪਾਰਾ ਮੋਦੀ ਸਰਕਾਰ ਖਿਲਾਫ ਹਰ ਰੋਜ਼ ਹੁੰਦਾ ਜਾ ਰਿਹਾ ਹੈ ਤੇਜ਼,ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਪੰਪ ਤੇ ਧਰਨਾ ਲਗਾ ਕੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਜੈਤੋ, 03 ਅਕਤੂਬਰ (ਮਨਜੀਤ ਸਿੰਘ ਢੱਲਾ)- ਅੱਜ  ਬਠਿੰਡਾ ਰੋਡ ਜੈਤੋ ਵਿਖੇ ਰਿਲਾਇੰਸ ਪੈਟਰੋਲ ਪੰਪ ਅਤੇ ਰੇਲਵੇ ਸਟੇਸ਼ਨ ਤੇ ਕਿਸਾਨ ਆਗੂਆਂ ਨੇ ਧਰਨਾ ਲਗਾ ਕੇ ਮੋਦੀ ਸਰਕਾਰ ਖਿਲਾਫ ਆਰਡੀਨੈਂਸਾਂ ਦੇ ਕੀਤੇ ਗਏ ਬਿੱਲ ਪਾਸ ਕਰਨ ਦੇ ਵਿਰੋਧ ਵਿਚ ਤੀਜੇ ਦਿਨ ਰੱਜ ਕੇ ਭੜਾਸ ਕੱਢੀ। ਇਸ ਧਰਨੇ ਵਿੱਚ ਮਾਲਵੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਸਿੱਧੂ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਰੋਸ ਵੱਧਦਾ ਜਾ ਰਿਹਾ ਹੈ । ਇਨ੍ਹਾਂ ਦੇ ਵਿਰੋਧ ਵਿਚ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਵੱਲੋਂ 1 ਅਕਤੂਬਰ ਤੋਂ ਰੇਲ ਰੋਕਣ , ਕਾਰਪੋਰੇਟ ਸੈਕਟਰ ਅਧੀਨ ਆਉਂਦੇ ਟੋਲ ਪਲਾਜਾ, ਰਿਲਾਇੰਸਸ ਦੇ ਪੈਟਰੋਲ ਪੰਪ ਆਦਿ 'ਤੇ ਧਰਨੇ ਲਗਾ ਕੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਦੇ ਦਿੱਤੇ ਸੱਦੇ ਤੋਂ ਬਾਅਦ ਜਿਥੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ, ਸਿੱਧੂਪੁਰ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਕ੍ਰਾਂਤੀਕਾਰੀ ਜਥੇਬੰਦੀ ਤੇ ਹੋਰ ਜਥੇਬੰਦੀਆਂ ਦੀ ਅਗਵਾਈ ਹੇਠ ਬਠਿੰਡਾ ਰੋਡ ਜੈਤੋ ਵਿਖੇ ਰਿਲਾਇੰਸ ਪੈਟਰੋਲ ਪੰਪ ਤੇ ਕੌਲ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਕੇ ਦਾ ਕੰਮਕਾਜ ਠੱਪ ਕਰ ਦਿੱਤਾ ਗਿਆ , ਉਥੇ ਅੱਜ ਜਥੇਬੰਦੀ ਦੇ ਕਾਰਕੁੰਨਾਂ ਵੱਲੋਂ ਧਰਨਾ ਲਗਾ ਕੇ ਖੇਤੀ ਵਿਰੋਧੀ ਬਿੱਲ ਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਧਰਨੇ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਿਰਕਤ ਕਰਦਿਆਂ ਆਗੂਆਂ ਨੇ ਕਿਹਾ ਪਹਿਲਾਂ ਹੀ ਕਰਜੇ ਦੇ ਭਾਰ ਹੇਠ ਦਬਣ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ  ਤੇ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੋਕਣ ਲਈ ਕਿਸੇ ਵੀ ਸੰਘਰਸ਼ ਤੋਂ ਗੁਰੇਜ ਨਹੀਂ ਕਰੇਗਾ। ਇਸ ਧਰਨੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਅਣਮਿੱਥੇ ਸਮੇਂ ਇਹ ਧਰਨਾ ਜਾਰੀ ਰਹੇਗਾ।