ਪੰਚਾਇਤਾਂ ਦਾ ਕੰਮ-ਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਕੀਤਾ ਜਾਵੇਗਾ ਜਾਗਰੂਕ-ਏ.ਡੀ.ਸੀ. ਰਾਜਿੰਦਰ ਬਤਰਾ

ਮੋਗਾ,8 ਫਰਵਰੀ (ਜਸ਼ਨ): ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ 11 ਫਰਵਰੀ ਨੂੰ ਜ਼ਿਲੇ ਦੇ ਬਲਾਕ ਨਿਹਾਲ ਸਿੰਘ ਵਾਲਾ ਅਤੇ ਮੋਗਾ-1 ਵਿੱਚ ਆਯੋਜਿਤ ਕੀਤੇ ਜਾਣ ਵਾਲੇ ਇਨਾਂ ਬਲਾਕ ਪੱਧਰੀ ਟਰੇਨਿੰਗ ਪ੍ਰੋਗਰਾਮਾਂ ਵਿੱਚ ਸਮੂਹ ਪੰਚ ਤੇ ਸਰਪੰਚ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਚੁਣੀਆਂ ਗਈਆਂ ਔਰਤਾਂ ਵੀ ਖੁਦ ਇਸ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣ। ਸ੍ਰੀ ਬਤਰਾ ਨੇ ਸਿਖਲਾਈ ਪ੍ਰੋਗਰਾਮ ਦੌਰਾਨ ਦਿੱਤੀ ਜਾਣ ਵਾਲੀ ਟਰੇਨਿੰਗ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪੰਚਾਇਤਾਂ ਨੂੰ ਉਨਾਂ ਦੀਆਂ ਸ਼ਕਤੀਆਂ ਅਤੇ ਜਿੰੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਚਾਇਤੀ ਰਾਜ ਐਕਟ, ਵਿਲੇਜ਼ ਕਾਮਨ ਲੈਂਡ ਐਕਟ, ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ-ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਸਰਕਾਰੀ ਸਕੀਮਾਂ ਦਾ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਇਹ ਵੀ ਦੱਸਿਆ ਜਾਵੇਗਾ ਕਿ ਇੰਨਾਂ ਸਕੀਮਾਂ ਤੋਂ ਕਿਸ ਤਰਾਂ ਲਾਭ ਲੈਣਾ ਹੈ। ਪੰਚਾਇਤਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਸਿੱਖਿਆ ਦੇ ਸੁਧਾਰ ਵਿੱਚ ਪੰਚਾਇਤਾਂ ਕਿਸ ਤਰਾਂ ਯੋਗਦਾਨ ਪਾ ਸਕਦੀਆਂ ਹਨ।


