ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ,ਜ਼ਿਲਾ ਮੈਜਿਸਟ੍ਰੇਟ ਵੱਲੋਂ ਮੋਗਾ ਜ਼ਿਲੇ ਅੰਦਰ 31 ਮਾਰਚ, 2019 ਤੱਕ ਲਾਗੂ ਰਹਿਣਗੇ ਆਦੇਸ਼

ਮੋਗਾ 5 ਫਰਵਰੀ:(ਜਸ਼ਨ): ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਫੌਜ਼ਦਾਰੀ  ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਮਾਰਚ, 2019 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤੀ ਜਰੂਰਤ ਹੈ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।