ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਰਾਏ ਅਤੇ ਸੁਝਾਵਾਂ ਨੂੰ ਪਾਰਟੀ ਦੇ ਏਜੰਡੇ ਵਿੱਚ ਕਰੇਗਾ ਸ਼ਾਮਲ : ਗੁਰਮੀਤ ਸਿੰਘ ਗਗੜਾ

ਧਰਮਕੋਟ  , 19 ਜੂਨ (ਜਸ਼ਨ ) : ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮਸਲਿਆਂ ਦੀ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਸ ਸੰਘਰਸ਼ ਨੂੰ ਪੂਰੀ ਮਜ਼ਬੂਤੀ ਨਾਲ ਜਾਰੀ ਰੱਖਿਆ ਜਾਵੇਗਾ। ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਮੁੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ  ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਟਰਾਂਸਪੋਰਟ ਵਿੰਗ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਗਗੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਅੱਗੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਇੱਕ ਮਜ਼ਬੂਤ ਅਤੇ ਲੋਕ-ਪੱਖੀ ਨੀਤੀ ਦੀ ਲੋੜ ਹੈ। ਗੁਰਮੀਤ ਸਿੰਘ ਗਗੜਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਹਮੇਸ਼ਾ ਲੋਕ ਭਲਾਈ ਨੂੰ ਸਮਰਪਿਤ ਰਹੀਆਂ ਹਨ। ਪਾਰਟੀ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਰਾਏ ਅਤੇ ਸੁਝਾਵਾਂ ਨੂੰ ਪਾਰਟੀ ਦੇ ਏਜੰਡੇ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੱਡਾ ਸਮਰਥਨ ਮਿਲ ਰਿਹਾ ਹੈ।