ਮੋਗਾ ‘ਚ 7 ਦਸੰਬਰ ਨੂੰ ਲੱਗੇਗਾ ਜਿਲ੍ਹਾ ਪੱਧਰੀ ‘ਹਾਈ ਐਂਡ ਜੌਬ ਫੇਅਰ’ ਅਤੇ 9 ਦਸੰਬਰ ਨੂੰ ਲੱਗੇਗਾ ‘ਸਵੈ - ਰੋਜ਼ਗਾਰ ਮੇਲਾ’

ਮੋਗਾ, 6 ਦਸੰਬਰ (ਜਸ਼ਨ) - ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਮੋਗਾ ‘ਚ 7 ਦਸੰਬਰ ਨੂੰ ‘ਹਾਈ ਐਂਡ ਜੌਬ ਫੇਅਰ’ ਅਤੇ 9 ਦਸੰਬਰ ਨੂੰ  ‘ਸਵੈ - ਰੋਜ਼ਗਾਰ ਮੇਲਾ’ ਲਗਾਇਆ ਜਾ ਰਿਹਾ ਹੈ। ਇਸ ਜਿਲ੍ਹਾ ਪੱਧਰੀ ਰੋਜ਼ਗਾਰ ਮੇਲਿਆਂ ‘ਚ ਸੈਂਕੜੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। 
ਇਸੇ ਸੰਬਧੀ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਕੀਤੀ ਗਈ। ਨਈਅਰ ਨੇ ਨੌਜਵਾਨਾਂ ਨੂੰ ਇਹਨਾਂ ਮੇਲਿਆਂ ਦਾ ਪੂਰਾ ਪੂਰਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਮੇਲੇ ਵਿਚ ਭਾਗ ਲੈਣ ਵਾਲੇ ਹਰੇਕ ਨੌਜਵਾਨ ਨੂੰ ਰੋਜ਼ਗਾਰ ਮਿਲ ਸਕਦਾ ਹੈ। ਉਹਨਾਂ ਦੱਸਿਆ ਕਿ ‘ਹਾਈ ਐਂਡ ਜੌਬ ਫੇਅਰ’ ‘ਚ ਲੁਧਿਆਣਾ ਸਮੇਤ ਪੰਜਾਬ ਦੇ ਕਈ ਖੇਤਰਾਂ ਤੋਂ ਮਸ਼ਹੂਰ ਕੰਪਨੀਆਂ ਭਾਗ ਲੈ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ 9 ਦਸੰਬਰ ਨੂੰ ‘ਸਵੈ - ਰੋਜ਼ਗਾਰ ਮੇਲਾ’ ਲਗਾਇਆ ਜਾ ਰਿਹਾ ਹੈ। ਜਿਸ ਵਿਚ ਸੈਂਕੜੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਨਾਲ ਜੋੜਨ ਦਾ ਟੀਚਾ ਹੈ। ਇਸ ਵਿਚ ਜਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ, ਐੱਸ ਸੀ ਕਾਰਪੋਰੇਸ਼ਨ, ਬੀ ਸੀ ਕਾਰਪੋਰੇਸ਼ਨ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਨੌਜਵਾਨਾਂ ਨੂੰ ਕਰਜ਼ਾ ਦੇਣ ਬਾਰੇ ਕੇਸ ਵੀ ਕਲੀਅਰ ਕੀਤੇ ਜਾਣਗੇ। ਉਹਨਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਬੈਂਕਾਂ ਦੇ ਨੁਮਾਇੰਦਿਆਂ ਨੂੰ ਸੱਦਿਆ ਜਾਵੇ। ਯੋਗ ਨੌਜਵਾਨਾਂ ਨੂੰ ਤੁਰੰਤ ਕਰਜ਼ਾ ਮੁੱਹਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਇਸੇ ਤਰ੍ਹਾਂ ਕਰਜ਼ਾ ਲੈਣ ਵਾਲੇ ਨੌਜਵਾਨਾਂ ਨੂੰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਲੋੜੀਂਦੀ ਸਿਖਲਾਈ ਦਿੱਤੀ ਜਾਵੇ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਵਿਜਿਟ ਕਰਵਾਈ ਜਾਣੀ ਹੈ। ਇਸ ਵਿਜਿਟ ਰਾਹੀਂ ਵਿਦਿਆਰਥੀਆਂ ਨੂੰ ਬਿਊਰੋ ਦੀ ਕਾਰਜਪ੍ਰਣਾਲੀ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਣੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸਰਕਾਰੀ ਆਈ ਟੀ ਆਈਜ਼ ਅਤੇ ਗੁਰੂ ਤੇਗ ਬਹਾਦੁਰ ਪੋਲੀਟੈਕਨਿਕ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਇਹ ਵਿਜਿਟ ਕਰਵਾਈ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਅਤੇ ਹੋਰ ਹਾਜ਼ਰ ਸਨ।