ਐਲ.ਏ ਇੰਟਰਨੈਸ਼ਨਲ ਸਕੂਲ ਲੜਕੀਆਂ ਨੂੰ ਟਰੇਨਿੰਗ ਦੇ ਕੇ ਖੁਦਮੁਖਤਿਆਰ ਬਣਨ ’ਚ ਹੋਵੇਗਾ ਮਦਦਗਾਰ ਸਾਬਿਤ : ਮਾਲਵਿਕਾ ਸੂਦ

ਕਿਹਾ : ਇਸ ਤਰ੍ਹਾਂ ਦੇ ਉਪਰਾਲੇ ਪੰਜਾਬ ’ਚ ਨਵੀਂ ਸੋਚ ਨੂੰ ਜਨਮ ਦੇਣਗੇ
ਮੋਗਾ, 9 ਜੂਨ (ਜਸ਼ਨ ) ਅੱਜ ਕੱਲ੍ਹ ਜਿੱਥੇ ਬਹੁਤ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ ਜਾ ਕੇ ਸੈਟਲ ਹੋਣ ਦੀ ਦੌੜ ਵਿਚ ਸ਼ਾਮਲ ਹੋ ਰਹੇ ਹਨ, ਉੱਥੇ ਹੀ ਕਈ ਨੌਜਵਾਨ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਵੀ ਬਣ ਰਹੇ ਹਨ। ਇਸ ਦੇ ਉਲਟ ਕੁਝ ਨੌਜਵਾਨ ਅਜਿਹੇ ਵੀ ਹਨ ਜੋ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਵਿਚ ਹੀ ਰੋਜ਼ਗਾਰ ਦੇ ਮੌਕੇ ਤਿਆਰ ਕਰਨ ਨੂੰ ਤਰਜੀਹ ਦੇ ਰਹੇ ਹਨ। ਇਹ ਵਿਚਾਰ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ਼ ਮਾਲਵਿਕਾ ਸੂਦ ਨੇ  "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ।  ਉਹਨਾਂ  ਕਿਹਾ ਕਿ ਬਾਘਾ ਪੁਰਾਣਾ ਦੇ ਕੀਰਤ ਅਤੇ ਸੂਵੀ ਨੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਵਿਦੇਸ਼ ਜਾਣ ਦੀ ਬਜਾਏ ਆਪਣੇ ਸ਼ਹਿਰ ਵਿਚ ਹੀ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਇਸ ਤਹਿਤ ਉਨ੍ਹਾਂ ਵੱਲੋਂ ਬਾਘਾ ਪੁਰਾਣਾ ਵਿੱਚ “ਐਲ.ਏ ਇੰਟਰਨੈਸ਼ਨਲ ਸਕੂਲ ਆਫ ਬਿਊਟੀ ਐਂਡ ਸਟੂਡੀਓ”ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੰਸਥਾ ਦਾ ਉਦਘਾਟਨ ਮਾਲਵਿਕਾ ਸੂਦ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕੀਰਤ ਅਤੇ ਸੂਵੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦੇ ਹਨ, ਸਗੋਂ ਹੋਰਾਂ ਲਈ ਵੀ ਪ੍ਰੇਰਣਾ ਦਾ ਸ੍ਰੋਤ ਬਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਅੰਨ੍ਹੇਵਾਹ ਵਿਦੇਸ਼ ਜਾਣ ਦੀ ਦੌੜ ਵਿਚ ਨਾ ਪੈਣ, ਬਲਕਿ ਆਪਣੀਆਂ ਯੋਗਤਾਵਾਂ ਅਤੇ ਹੁਨਰਾਂ ਨੂੰ ਵਿਕਸਤ ਕਰ ਕੇ ਪੰਜਾਬ ਵਿਚ ਹੀ ਆਪਣਾ ਕਾਰੋਬਾਰ ਸਥਾਪਿਤ ਕਰਨ। ਉਨ੍ਹਾਂ ਦੇ ਅਨੁਸਾਰ ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮਾਲਵਿਕਾ ਸੂਦ ਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਬਿਨਾਂ ਪੂਰੀ ਜਾਣਕਾਰੀ ਦੇ ਵਿਦੇਸ਼ ਜਾਣ ਲਈ ਵੱਡੀ ਰਕਮ ਖਰਚ ਕਰਦੇ ਹਨ, ਜਿਸ ਕਾਰਨ ਉਹ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਨੌਜਵਾਨ ਸੋਚ-ਸਮਝ ਕੇ ਫੈਸਲਾ ਲੈਣ ਅਤੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ। ਉਨ੍ਹਾਂ ਨੇ ਦੱਸਿਆ ਕਿ ਕੀਰਤ ਅਤੇ ਸੂਵੀ ਵੱਲੋਂ ਖੋਲ੍ਹਿਆ ਗਿਆ ਇਹ ਬਿਊਟੀ ਸਕੂਲ ਇਲਾਕੇ ਦੀਆਂ ਲੜਕੀਆਂ ਨੂੰ ਟਰੇਨਿੰਗ ਦੇ ਕੇ ਉਨ੍ਹਾਂ ਨੂੰ ਖੁਦਮੁਖਤਿਆਰ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਲੜਕੀਆਂ ਨੂੰ ਨਵੇਂ ਹੁਨਰ ਸਿੱਖਣ ਦਾ ਮੌਕਾ ਮਿਲੇਗਾ ਅਤੇ ਉਹ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣਗੇ। ਅੰਤ ਵਿਚ ਮਾਲਵਿਕਾ ਸੂਦ ਨੇ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਉਪਰਾਲੇ ਪੰਜਾਬ ਵਿਚ ਨਵੀਂ ਸੋਚ ਨੂੰ ਜਨਮ ਦੇਣਗੇ ਅਤੇ ਹੋਰ ਨੌਜਵਾਨ ਵੀ ਇਸ ਤਰ੍ਹਾਂ ਦੇ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਜਨ ਬਾਂਸਲ ਦੇ ਇਲਾਵਾ ਹੋਰ ਵੀ ਟਰੇਨਰ ਹਾਜ਼ਰ ਸਨ।