ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਸਵੀਕਾਰ ,ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ ’ਚ ਪੰਜਾਬ ਵੀ ਸ਼ੁਮਾਰ

ਚੰਡੀਗੜ, 25 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ ’ਤੇ ਫ਼ਿਰੋਜ਼ਪੁਰ ਜ਼ਿਲੇ ਵਿੱਚ ਪਿੰਡ ਟੇਂਡੀਵਾਲ ਵਿਖੇ ਬੰਨ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ਨੂੰ ਫੌਜ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਕਾਰਜ ਯੋਜਨਾ ਉਲੀਕਣ ਲਈ ਆਖਿਆ ਹੈ। ਇਹ ਹਦਾਇਤਾਂ ਮੁੱਖ ਮੰਤਰੀ ਨੇ ਜਾਰੀ ਕੀਤੀਆਂ ਭਾਵੇਂ ਕਿ ਉਨਾਂ ਵੱਲੋਂ ਬੀਤੇ ਦਿਨ ਕੇਂਦਰ ਸਰਕਾਰ ਨੂੰ ਕੀਤੀ ਅਪੀਲ ’ਤੇ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਵੀ ਭੇਜਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਸਕੱਤਰ ਸ੍ਰੀ ਅਜੇ ਭੱਲਾ ਨੇ ਸੂਬਾ ਸਰਕਾਰ ਨੂੰ ਜਾਣਕਾਰੀ ਦਿੱਤੀ ਕਿ ਹੜਗ੍ਰਸਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਆ ਕੇ ਵੀ ਹੜਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ। ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਰੋਪੜ ਜ਼ਿਲਿਆਂ ਵਿੱਚ ਹੜਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਟੇਂਡੀਵਾਲ ਦੇ ਬੰਨ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ’ਤੇ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਨੇੜਲੇ ਪਿੰਡਾਂ ਵਿੱਚ ਹੜਾਂ ਨੂੰ ਟਾਲਿਆ ਜਾ ਸਕੇ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਹੜਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਵਾਸਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਤਿਆਰ ਰੱਖਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਉਨਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸ਼ਾਮਲ ਹੋਏ। ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੁਤਾਬਕ ਮਖੂ ਤੇ ਹੁਸੈਨੀਵਾਲਾ ਇਲਾਕੇ ਦੇ ਹੜ ਪ੍ਰਭਾਵਿਤ 15 ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ 630 ਵਿਅਕਤੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਭੋਜਨ ਦੇ 950 ਪੈਕੇਟ ਮੁਹੱਈਆ ਕਰਵਾਉਣ ਤੋਂ ਇਲਾਵਾ ਪਸ਼ੂਆਂ ਲਈ ਫੀਡ ਅਤੇ ਚਾਰੇ ਦੀ ਸਪਲਾਈ ਲਈ ਵੀ ਢੁਕਵੇਂ ਬੰਦੋਬਸਤ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਿੰਡ ਟੇਂਡੀਵਾਲਾ ਵਿਖੇ ਬੰਨ ਦੀ ਮਜ਼ਬੂਤੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਪਾੜ ਨੂੰ ਪੂਰਨ ਲਈ ਫੌਜ ਵੀ ਸਹਾਇਤਾ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਟੇਂਡੀਵਾਲ ਵਿਖੇ ਚੱਲ ਰਹੇ ਕੰਮ ’ਤੇ ਨੇੜਿਓਂ ਨਿਗਾ ਰੱਖਣ ਦੇ ਹੁਕਮ ਦਿੱਤੇ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾ ਸਕੇ।ਜਲੰਧਰ ਵਿੱਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਮੋਬਾਈਲ ਟੀਮਾਂ ਵੱਲੋਂ ਹੜ ਪ੍ਰਭਾਵਿਤ ਪਿੰਡਾਂ ਵਿੱਚ 1690 ਜੀਆਂ ਵਾਲੇ 389 ਪਰਿਵਾਰਾਂ ਦੀ ਦੇਖਭਾਲ ਕੀਤੀ ਗਈ ਹੈ। ਇਸੇ ਤਰਾਂ ਇਨਾਂ ਟੀਮਾਂ ਵੱਲੋਂ ਹੋਰ 665 ਮਰੀਜ਼ਾਂ ਨੂੰ ਓ.ਪੀ.ਡੀ. ਵਿਖੇ ਇਲਾਜ ਮੁਹੱਈਆ ਕਰਵਾਇਆ ਗਿਆ। ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਤੱਕ 4600 ਵਿਅਕਤੀ ਮੈਡੀਕਲ ਕੈਂਪਾਂ ਵਿੱਚ ਜਾ ਚੁੱਕੇ ਹਨ। ਲਗਭਗ 31 ਵਿਅਕਤੀਆਂ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ। ਜਲੰਧਰ ਜ਼ਿਲੇ ਵਿੱਚ ਸਥਾਨਕ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਯਤਨਾਂ ਨਾਲ ਜ਼ਿਲਾ ਪ੍ਰਸ਼ਾਸਨ ਨੇ ਪਿੰਡ ਮਾਓ ਸਾਹਿਬ ਅਤੇ ਮਿਓਵਾਲ ਵਿਖੇ ਸਤਲੁਜ ਦਰਿਆ ਵਿੱਚ ਦੋ ਵੱਡੇ ਪਾੜ ਪੂਰ ਦਿੱਤੇ ਹਨ ਜਦਕਿ ਫਿਲੌਰ ਦੇ ਪਿੰਡ ਭੋਵਾਹਾਰੀ ਸੇਲਕਿਆਨਾ ਅਤੇ ਸ਼ਾਹਕੋਟ ਵਿੱਚ ਪਿੰਡ ਜਾਨੀਆਂ ਚਾਹਲ ਵਿਖੇ ਪਏ ਹੋਰ ਪਾੜ ਪੂਰੇ ਜਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ। ਕਪੂਰਥਲਾ ਜ਼ਿਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਜ਼ਿਲੇ ਵਿੱਚ ਮਨੁੱਖੀ ਜਾਂ ਪਸ਼ੂ ਧਨ ਦਾ ਕੋਈ ਨੁਕਸਾਨ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ 20 ਹੜ ਰਾਹਤ ਟੀਮਾਂ ਦਾ ਗਠਨ ਕੀਤਾ ਗਿਆ ਜਿਨਾਂ ਨੂੰ 24 ਘੰਟਿਆਂ ਲਈ ਬੁਰੀ ਤਰਾਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 1415 ਵਿਅਕਤੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਜਦਕਿ 640 ਪਸ਼ੂਆਂ ਦੀ ਦੇਖਭਾਲ ਕੀਤੀ ਗਈ। ਉਨਾਂ ਦੱਸਿਆ ਕਿ ਸੁੱਕੇ ਰਾਸ਼ਨ ਦੇ ਪੈਕੇਟਾਂ ਤੇ ਹੋਰ ਰਾਹਤ ਸਮੱਗਰੀ ਵੰਡਣ ਦਾ ਕੰਮ ਜ਼ੋਰਾਂ ’ਤੇ ਜਾਰੀ ਹੈ। ਡਿਪਟੀ ਕਮਿਸ਼ਨਰ ਰੋਪੜ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੜ ਪ੍ਰਭਾਵਿਤ ਖੇਤਾਂ ਵਿੱਚ ਪਾਣੀ ਦਾ ਪੱਧਰ ਕੁੱਲ ਮਿਲਾ ਕੇ ਘਟਿਆ ਹੈ। ਹੜ ਪ੍ਰਭਾਵਿਤ ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਇਨਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ 13 ਸਥਾਈ ਅਤੇ 22 ਮੋਬਾਈਲ ਕੈਂਪਾਂ ਵਿੱਚ ਤਕਰੀਬਨ 3300 ਵਿਅਕਤੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿੰਨ ਐਂਬੂਲੈਂਸਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ 20 ਟੀਮਾਂ ਨੂੰ ਜ਼ਿਲੇ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਫੀਡ ਅਤੇ ਚਾਰੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਵੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਉਨਾਂ ਦੇ ਦਰਾਂ ਤੱਕ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਕੇ ਮੁਸ਼ਕਲ ਦੀ ਇਸ ਘੜੀ ਵਿੱਚ ਉਨਾਂ ਨੂੰ ਢਾਰਸ ਦਿੱਤੀ ਜਾਵੇ। ਇੱਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।ਇੱਥੇ ਇਹ ਜ਼ਿਕਰਯੋਗ ਹੈ ਕਿ ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਹੜਗ੍ਰਸਤ ਜ਼ਿਲਿਆਂ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਬੀ.ਐਸ. ਸਰਾ ਨੂੰ ਵੀ ਹੜਾਂ ਦੀ ਲਪੇਟ ਵਿੱਚ ਆਏ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਖਿਆ। ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਬੰਧਤ ਮੰਤਰੀ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਲਗਾਤਾਰ ਹੜ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰ ਰਹੇ ਹਨ।