ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ- ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਚੰਡੀਗੜ੍ਹ 17 ਦਸੰਬਰ : (ਪੱਤਰਪਰੇਰਕ ) : 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਪਰਾਧਿਕ ਸਾਜਿਸ਼ ਕਰਨ, ਦੁਸ਼ਮਣੀ ਨੂੰ ਵਾਧਾ ਦੇਣ, ਫਿਰਕੂਵਾਦ ਵਿਚਾਰਾਂ ਖਿਲਾਫ ਕਾਰਗੁਜ਼ਾਰੀ ਕਰਨ ਦੇ ਦੋੋਸ਼ਾਂ ਤਹਿਤ ਅੱਜ ਦਿੱਲੀ ਹਾਈਕੋਰਟ ਨੇ ਉਮਰਕੈਦ ਦੀ ਸਜ਼ਾ ਸੁਣਾਈ ਅਤੇ ਦੋਸ਼ੀ ਕਰਾਰ ਦਿੱਤਾ ਹੈ ਪਰ ਹਾਲੇ ਵੀ ਕਈ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮੰਦਭਾਗੀ ਘਟਨਾ ਲਈ ਇੰਨਸਾਫ ਦੀ ਆਸ ਅਜੇ ਬਾਕੀ ਹੈ। ਇਥੇ ਪਾਰਟੀ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਲੀ ਹਾਈਕੋਰਟ ਵਲੋਂ ਇਸ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਪਣੇ ਬਿਆਨ ‘ਚ ਕਿਹਾ ਕਿ ਪਿਛਲੇ 34 ਵਰਿਆਂ ਮਗਰੋਂ 1984 ਕਤਲੇਆਮ ਦੇ ਪੀੜਤਾਂ ਨੂੰ ਹੁਣ ਇੰਨਸਾਫ ਦੀ ਕਿਰਨ ਨਜ਼ਰ ਆ ਰਹੀ ਹੈ ਅਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਤਾਂ ਦਿੱਤੀ ਗਈ ਹੈ ਪਰ ਅਜਿਹੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਵੀ ਮਿਲਣੀ ਚਾਹੀਦੀ ਹੈ ਤਾਂ ਜੋ ਦੇਸ਼ ਦੀ ਨਿਆਂ ਪ੍ਰਣਾਲੀ ਤੇ ਲੋਕਾਂ ਦਾ ਵਿਸਵਾਸ ਕਾਇਮ ਰਹਿ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੀ ਸਾਜਿਸ਼  ਕਾਰਨ ਨਿਰਦੋਸ਼ ਸਿੱਖਾਂ ਨੂੰ ਗਲਾਂ ਵਿੱਚ ਟਾਇਰ ਪਾ ਕੇ ਸਾੜਿਆ, ਲੋਕਾਂ ਦੇ ਮਕਾਨਾਂ, ਦੁਕਾਨਾਂ, ਜਾਇਦਾਦਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੱਗ ਦੇ ਹਵਾਲੇ ਕੀਤਾ ਗਿਆ ਜੋ ਕਿ ਆਪਣੇ ਆਪ ‘ਚ ਇੰਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਹੈ ਅਤੇ ਇਸ ਕਤਲੇਆਮ ਦੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਸਿੱਖ ਕਤਲੇਆਮ ‘ਚ ਮਾਰੇ ਗਏ ਨਿਰਦੋਸ਼ ਵਿਅਕਤੀਆਂ ਦੇ ਪਰਿਵਾਰਾਂ ਨੂੰ ਇੰਨਸਾਫ ਮਿਲ ਸਕੇ।
            
        ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।