30 ਦਸੰਬਰ ਨੂੰ ਜ਼ਿਲੇ ਦੀਆਂ 243 ਪੰਚਾਇਤਾਂ ਲਈ ਪੈਣਗੀਆਂ ਵੋਟਾਂ

ਫਰੀਦਕੋਟ, 13 ਦਸੰਬਰ:-(ਤਰਸੇਮ ਚਾਨਣਾ):ਫਰੀਦਕੋਟ ਜ਼ਿਲੇ ਦੀਆਂ 243 ਪੰਚਾਇਤਾਂ ਦੀਆਂ 30 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਜ਼ਿਲਾ ਚੋਣ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਐੱਸ.ਡੀ.ਐਮਜ਼, ਬੀ.ਡੀ.ਪੀ.ਓਜ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਇਸ ਮੌਕੇ ਚੋਣ ਪ੍ਰਕਿ੍ਰਆ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਹਨ ਕਿ ਪੰਚਾਇਤੀ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਇਨਾਂ ਚੋਣਾਂ ਵਿਚ ਜ਼ਿਲੇ ਦੇ 243 ਸਰਪੰਚਾਂ ਅਤੇ 1659 ਪੰਚਾਂ ਦੀ ਚੋਣ ਕੀਤੀ ਜਾਵੇਗੀ,ਜਿਨਾਂ ਲਈ 413 ਪੋਲਿੰਗ ਬੂਥ ਬਣਾਏ ਗਏ ਹਨ ਅਤੇ 36 ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ 15 ਦਸੰਬਰ ਤੋਂ 19 ਦਸੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਜਦਕਿ 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਉਮੀਦਵਾਰ 21 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ ਅਤੇ ਉਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨਾਂ ਹੋਰ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਉਪਰੰਤ ਮੌਕੇ ‘ਤੇ ਹੀ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।


