ਸਮਾਜਿਕ ਸੁਰੱਖਿਆ ਵਿਭਾਗ ਮੋਗਾ ਵੱਲੋਂ ਜ਼ਿਲਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਆਯੋਜਿਤ

ਮੋਗਾ 13 ਦਸੰਬਰ:(ਜਸ਼ਨ): ਦਿਵਿਆਂਗ ਵਿਅਕਤੀ ਸਮਾਜ ਦਾ ਅਹਿਮ ਅੰਗ ਹਨ ਅਤੇ ਇੰਨਾਂ ਵਿਅਕਤੀਆਂ ਦੀ ਹਰ ਸੰਭਵ ਮੱਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ  ਨੇ ਅੱਜ ਨਗਰ ਨਿਗਮ ਮੋਗਾ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਮੋਗਾ ਵੱਲੋਂ ਆਯੋਜਿਤ ਜ਼ਿਲਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਦੇਸ਼ ਦਿੱਤੇ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਵੱਲੋ ਮੈਡਮ ਅਨੀਤਾ ਦਰਸ਼ੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਹਰਨੇਕ ਸਿੰਘ ਰੋਡੇ ਨੇ ਦਿਵਿਆਂਗ ਐਕਟ 2016 ਬਾਰੇ ਸੈਮੀਨਾਰ ਵਿੱਚ ਸ਼ਾਮਿਲ ਅਪਾਹਜ ਵਿਅਕਤੀਆਂ ਨੂੰ ਜਾਗਰੂਕ ਕੀਤਾ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਹਰਮੇਸ਼ ਸਿੰਘ ਨੇ ਦੱਸਿਆ ਕਿ 50 ਫ਼ੀਸਦੀ ਤੋਂ ਵੱਧ ਅਪੰਗਤਾ ਵਾਲਾ ਵਿਅਕਤੀ ਅਪੰਗਤਾ ਪੈਨਸ਼ਨ ਦਾ ਹੱਕਦਾਰ ਹੈ, ਜਦ ਕਿ 40 ਫ਼ੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਨਾਖਤੀ ਕਾਰਡ ਜਾਰੀ ਕੀਤਾ ਜਾਂਦਾ ਹੈ। ਉਨਾਂ ਮੌਕੇ ‘ਤੇ ਹਾਜ਼ਰ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕ੍ਰਮਚਾਰੀ ਉਨਾਂ ਕੋਲੋਂ ਅਪੰਗਤਾ ਪੈਨਸ਼ਨ ਲਗਾਉਣ ਜਾਂ ਕਿਸੇ ਵੀ ਸਰਕਾਰੀ ਕੰਮ ਕਰਵਾਉਣ ਲਈ ਪੈਸੇ ਦੀ ਮੰਗ ਕਰਦਾ ਹੈ, ਤਾਂ ਸਿੱਧੇ ਤੌਰ ‘ਤੇ ਉਨਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ ਬੌਡੇ ਨੇ ਦਿਵਿਆਂਗ ਵਿਅਕਤੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਸਮਾਜ ਦੇ ਇਸ ਅਨਮੋਲ ਸਰਮਾਏ ਦੇ ਦਿਵਿਆਂਗ ਵਿਅਕਤੀਆਂ ਦੀ ਸਾਨੂੰ ਹਰ ਪੱਧਰ ਤੇ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਵਿਸਟਾ ਰੈਡ ਕਰਾਸ ਸਪੈਸ਼ਲ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੇਤਰਹੀਣ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰੇਮ ਭੂਸ਼ਣ ਗੁਪਤਾ, ਕੁਲਵੀਰ ਸਿੰਘ ਅਤੇ ਅਪੰਗ ਵਿਅਕਤੀ ਹਾਜ਼ਰ ਸਨ।