ਜ਼ਿਲ੍ਹੇ ਦੇ ਸਮੂਹ ਅਧਿਕਾਰੀ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਹਵਾ, ਪਾਣੀ ਅਤੇ ਭੋਜਨ ਦੀ ਗੁਣਵੱਤਾ ਦੀ ਉੱਚਿਤ ਸੰਭਾਲ ਕਰਨ ਨੂੰ ਯਕੀਨੀ ਬਣਾਉਣ-ਸੰਦੀਪ ਹੰਸ

ਮੋਗਾ 24 ਜਨਵਰੀ:(INTERNATIONAL PUNJABI NEWS BUREAU) :  ਸਮੂਹ ਵਿਭਾਗਾਂ ਦੇ ਅਧਿਕਾਰੀ ਪੰਜਾਬ ਸਰਕਾਰ ਵੱਲੋ ਆਰੰਭੇ ਗਏ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਹਵਾ, ਪਾਣੀ ਅਤੇ ਭੋਜਨ ਦੀ ਗੁਣਵੱਤਾ ਦੀ ਉੱਚਿਤ ਸੰਭਾਲ ਕਰਨ ਅਤੇ ਜ਼ਿਲ੍ਹੇ ਦੇ ਹਰ ਨਾਗਰਿਕ ਵਾਸਤੇ ਚੰਗਾ ਜੀਵਨ ਜਿਉਣ ਲਈ ਸੁਖਾਵਾਂ ਮਾਹੌਲ ਸਿਰਜਣ ਨੂੰ ਯਕੀਨੀ ਬਣਾਉਣ।  ਇਹ ਪ੍ਰੇਰਨਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਡੀ.ਸੀ.ਕੈਂਪ ਆਫ਼ਿਸ ਵਿਖੇ ‘ਤੰਦਰੁਸਤ ਪੰਜਾਬ ਮੁਹਿੰਮ‘ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ, ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਬਾਘਾਪੁਰਾਣਾ ਸਵਰਨਜੀਤ ਕੌਰ, ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਅਧਿਕਾਰੀ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਕੇ ਬਣਦਾ ਯੋਗਦਾਨ ਪਾਉਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਤੰਦਰੁਸਤ ਜੀਵਨ ਪ੍ਰਦਾਨ ਕਰਕੇ ਬਿਮਾਰੀਆਂ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਮੂਹ ਉਪ ਮੰਡਲ ਮੈਜਿਸਟ੍ਰੇਟ ਪਿੰਡਾਂ ਵਿੱਚ ਖਾਲੀ ਪਈਆਂ ਥਾਵਾਂ ‘ਤੇ ਖੇਡ ਮੈਦਾਨ ਵਿਕਸਤ ਕਰਨ ਲਈ ਅੱਗੇ ਹੋ ਕੇ ਕੰਮ ਕਰਨ, ਤਾਂ ਜੋ ਨੌਜਵਾਨ ਵਰਗ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਦੀ ਲਾਹਨਤ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਿਸ਼ਨ ਤਹਿਤ ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਵੱਧ ਤੋ ਵੱਧ ਬੂਟੇ ਲਗਾਏ ਜਾਣਗੇ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ‘ ਸਕੀਮ ਤਹਿਤ ਬੱਚੀਆਂ ਦੇ ਨਾਂ ਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਫ਼ਲਦਾਰ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਅਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਵਾਤਾਵਰਨ ਦੀ ਸਵੱਛਤਾ ਲਈ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦੇਣ ਦੀ ਪ੍ਰੇਰਨਾ ਕੀਤੀ, ਤਾਂ ਜੋ ਲੋਕਾਂ ਨੂੰ ਗੰਦਗੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰਾਂ/ਕਸਬਿਆਂ ਦੇ ਪ੍ਰਮੁੱਖ ਸਥਾਨਾਂ ਤੇ ਕੂੜਾ-ਕਰਕਟ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਲੋੜ ਅਨੁਸਾਰ ਵਰਤੋ ਕਰਨ ਲਈ ਜਾਗਰੂਕਤਾ ਕੈਪ ਆਯੋਜਿਤ ਕੀਤੇ ਜਾਣ। ਉਨ੍ਹਾਂ ਕਾਰਜਕਾਰੀ ਇੰਜੀਨੀਅਰ ਜਨ ਸਿਹਤ ਵਿਭਾਗ ਜੇ.ਐਸ. ਚਾਹਲ ਨੂੰ ਜ਼ਿਲ੍ਹੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵੱਧ ਤੋ ਵੱਧ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਸਿਵਲ ਸਰਜਨ ਤੋ ਆਏ ਅਧਿਕਾਰੀ ਡਾ. ਰੁਪਿੰਦਰ ਕੌਰ ਨੂੰ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉਪ-ਮੰਡਲ ਅਫ਼ਸਰ ਕੁਲਦੀਪ ਸਿੰਘ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਸਿਰਜਣਾ ਲਈ ਪ੍ਰੈਸ਼ਰ ਹਾਰਨ ਰੋਕਣ ਅਤੇ ਵੇਸਟ ਮਟੀਰੀਅਲ ਨੂੰ ਅੱਗ ਨਾ ਲਗਾਉਣ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਬਾਰੇ ਹਦਾਇਤ ਕੀਤੀ। ਉਨ੍ਹਾਂ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਨਿਰਵੈਰ ਸਿੰਘ ਬਰਾੜ ਨੂੰ ਪਿੰਡਾਂ ਵਿੱਚ ਵੱਧ ਤੋ ਵੱਧ ਦੁੱਧ ਉਤਪਾਦਕ, ਦੁੱਧ ਖਪਤਕਾਰ ਅਤੇ ਮਿਲਾਵਟੀ ਦੁੱਧ ਦੀ ਪਰਖ ਕਰਨ ਲਈ ਜਾਗਰੂਕਤਾ ਕੈਪ ਲਗਾਉਣ ਦੇ ਆਦੇਸ਼ ਦਿੱਤੇ। 
ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਮੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟ੍ਰੋਲਰ ਐਸ. ਦੇਵਗਨ, ਡਾਇਰੈਕਟਰ ਕਿ੍ਰਸ਼ੀ ਵਿਗਿਆਨ ਕੇਦਰ ਅਮਨਦੀਪ ਸਿੰਘ ਬਰਾੜ, ਜੰਗਲਾਤ ਅਫ਼ਸਰ ਬਲਜੀਤ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।