ਪੰਜਾਬ ਸਰਕਾਰ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ ਮਨਾਏਗੀ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਚੰਡੀਗੜ੍ਹ, 23 ਜਨਵਰੀ (INTERNATIONAL PUNJABI NEWS BUREAU) : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗੀ ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ੍ਰੀ ਕੇ ਸਿਵਾ ਪ੍ਰਸਾਦ ਵੱਲੋਂ ਅੱਜ ਇਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ 30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਉਣ ਲਈ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ।ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਹੋਈ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਸਪਤਾਹ ਨੂੰ ਮਨਾਉਣ ਦਾ ਮਕਸਦ ਸੂਬਾ ਵਾਸੀਆਂ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਪਿੱਛੇ ਕਾਰਨ ਅਣਗਹਿਲੀ ਅਤੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੁੰਦਾ ਜਿਸ ਲਈ ਲੋਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਇਸ ਸਪਤਾਹ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗ ਮਿਲ ਕੇ ਮੁਹਿੰਮ ਚਲਾਉਣ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਸਭ ਤੋਂ ਮਹੱਤਵਪੂਰਨ ਕੰਮ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ ਜਿਸ ਵਿੱਚ ਟ੍ਰੈਫਿਕ ਵਿੰਗ ਵੱਲੋਂ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰ ਕੇ ਉਥੇ ਵਧੇਰੇ ਚੌਕਸੀ ਵਰਤੀ ਜਾਵੇ, ਓਵਰ ਲੋਡਿੰਗ, ਓਵਰ ਸਪੀਡਿੰਗ, ਲਾਲ ਬੱਤੀ ਟੱਪਣ, ਸੀਟ ਬੈਲਟ ਜਾਂ ਹੈਲਮਟ ਤੋਂ ਬਿਨਾਂ ਵਾਹਨ ਚਲਾਉਣ ਵਾਲੇ, ਨਸ਼ਾ ਕਰ ਕੇ ਅਤੇ ਮੋਬਾਈਲ ਨਾਲ ਵਾਹਨ ਚਲਾਉਣ ਵਾਲੇ ਚਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਸਕੂਲਾਂ ਨੇੜੇ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਉਪਰ ਰਿਫਲੈਕਟਰ ਲਗਾਏ ਜਾਣਗੇ, ਖਾਸ ਕਰ ਕੇ ਖੰਡ ਮਿੱਲਾਂ ਦੇ ਬਾਹਰ ਗੰਨਾ ਲਿਆਉਣ ਵਾਲੀਆਂ ਟਰਾਲੀਆਂ ਨੂੰ ਕਵਰ ਕੀਤਾ ਜਾਵੇਗਾ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


