ਕੈਪਟਨ ਖ਼ਿਲਾਫ਼ ਚੋਣ ਲੜਨ ਵਾਲੇ ਜਨਰਲ ਜੇ ਜੇ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਮੋਗਾ,12 ਦਸੰਬਰ (ਜਸ਼ਨ):ਭਾਰਤੀ ਸੈਨਾ ਦੇ ਸੇਵਾਮੁਕਤ ਜਨਰਲ ਜੇ ਜੇ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ ।ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ  ਰਹੇ ਜਨਰਲ ਜੇਜੇ ਸਿੰਘ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੂੰ ਭੇਜੇ ਪੱਤਰ ਵਿੱਚ ਜਨਰਲ ਜੇ ਜੇ ਸਿੰਘ ਨੇ ਅਸਤੀਫੇ ਦੇ ਕਾਰਨਾਂ ਨੂੰ ਵਿਅਕਤੀਗਤ ਦੱਸਿਆ ਹੈ। ਉਨ੍ਹਾਂ ਇਸ ਪੱਤਰ ਵਿਚ ਲਿਖਿਆ ਹੈ ਕਿ ਮੈਂ ਭਰੇ ਮਨ ਦੇ ਨਾਲ ਆਪ ਜੀ ਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਤੁਰੰਤ ਅਸਤੀਫਾ ਦੇ ਰਿਹਾ ਹਾਂ ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਜਨਰਲ ਜੇ ਜੇ ਸਿੰਘ ਨੇ ਆਖਿਆ ਕਿ ਉਹ  ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਆਪਣੇ ਰਾਜਨੀਤਕ ਵਿਕਲਪ ਪੂਰੀ ਤਰ੍ਹਾਂ ਖੁੱਲ੍ਹੇ ਰੱਖੇ ਹਨ। ਜ਼ਿਕਰਯੋਗ ਹੈ ਕਿ ਜਨਰਲ ਜੇਜੇ ਸਿੰਘ ਜਿਨਾ ਦਾ ਪੂਰਾ ਨਾਮ ਜੋਗਿੰਦਰ ਜਸਵੰਤ ਸਿੰਘ ਹੈ ਨੂੰ ਭਾਰਤੀ ਸੈਨਾ ਦੀ ਅਗਵਾਈ ਕਰਨ ਵਾਲੇ  ਪਹਿਲੇ ਸਿੱਖ ਸੈਨਾ ਅਧਿਅਕਸ਼ ਬਣਨ ਦਾ ਮਾਣ ਪ੍ਰਾਪਤ ਹੈ ।ਉਹ ਆਪਣੀ ਸੇਵਾ ਮੁਕਤੀ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਵੀ ਰਹੇ ਹਨ । 2017 ਸਤਾਰਾਂ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਆਪਣਾ ਉਮੀਦਵਾਰ ਬਣਾਇਆ ਗਿਆ ਸੀ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਨੇਤਾਵਾਂ ਵੱਲੋਂ  ਸ੍ਰੀ ਦਰਬਾਰ ਸਾਹਿਬ ਵਿਖੇ ਭੁੱਲਾਂ ਬਖਸ਼ਾਉਣ ਤੋਂ  ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਦੇ ਇਸ ਵੱਡੇ ਨੇਤਾ ਵੱਲੋਂ ਅਸਤੀਫ਼ਾ ਦੇਣਾ ਸ਼੍ਰੋਮਣੀ ਅਕਾਲੀ ਦਲ ਲਈ ਚਿੰਤਾ ਦਾ ਵਿਸ਼ਾ ਹੈ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।