ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ‘ਪਦਮ ਸ਼੍ਰੀ’ ਨਾਲ ਸਨਮਾਨਿਤ ਕਰਨ ’ਤੇ ਸੁਭਾਸ਼ ਪਲਤਾ ਨੇ ਦਿੱਤੀਂ ਵਧਾਈ

ਮੋਗਾ, 29 ਮਈ (JASHAN) ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਕੌਰ ਨੂੰ ਦੇਸ਼ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਪਦਮ ਸ਼੍ਰੀ’ ਨਾਲ ਸਨਮਾਨਿਤ ਕੀਤੇ ਜਾਣ ’ਤੇ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਵਿਚ ਵੀ ਖੁਸ਼ੀ ਅਤੇ ਮਾਣ ਦੀ ਲਹਿਰ ਦੌੜ ਗਈ ਹੈ। ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੱਲੋਂ ਇਹ ਵੱਡਾ ਸਨਮਾਨ ਉਨ੍ਹਾਂ ਨੂੰ ਖੇਡ ਜਗਤ, ਖਾਸ ਕਰ ਕੇ ਕ੍ਰਿਕਟ ਦੇ ਖੇਤਰ ਵਿਚ ਉਨ੍ਹਾਂ ਦੇ ਵਿਲੱਖਣ ਯੋਗਦਾਨ, ਸ਼ਾਨਦਾਰ ਪ੍ਰਦਰਸ਼ਨ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਲਈ ਪ੍ਰਦਾਨ ਕੀਤਾ ਗਿਆ। ਹਰਮਨਪ੍ਰੀਤ ਕੌਰ ਨੇ ਆਪਣੀ ਕਠਿਨ ਮਿਹਨਤ, ਦ੍ਰਿੜ ਇਰਾਦੇ ਅਤੇ ਲਗਾਤਾਰ ਉੱਤਮ ਪ੍ਰਦਰਸ਼ਨ ਨਾਲ ਭਾਰਤੀ ਮਹਿਲਾ ਕ੍ਰਿਕਟ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਕਈ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਭਾਰਤੀ ਟੀਮ ਦੀ ਸ਼ਾਨਦਾਰ ਅਗਵਾਈ ਕਰਦਿਆਂ ਦੇਸ਼ ਲਈ ਅਨੇਕਾਂ ਯਾਦਗਾਰ ਜਿੱਤਾਂ ਦਰਜ ਕੀਤੀਆਂ ਹਨ। ਉਨ੍ਹਾਂ ਦੀ ਧਮਾਕੇਦਾਰ ਬੱਲੇਬਾਜ਼ੀ, ਜ਼ਿੰਮੇਵਾਰ ਕਪਤਾਨੀ ਅਤੇ ਟੀਮ ਲਈ ਸਮਰਪਣ ਨੇ ਉਨ੍ਹਾਂ ਨੂੰ ਦੁਨੀਆ ਦੀਆਂ ਸਭ ਤੋਂ ਪ੍ਰਸਿੱਧ ਮਹਿਲਾ ਕ੍ਰਿਕਟਰਾਂ ਵਿਚ ਸ਼ਾਮਲ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਦੀ ਇਹ ਉਪਲਬਧੱੀ ਸਿਰਫ਼ ਖੇਡ ਜਗਤ ਲਈ ਹੀ ਨਹੀਂ, ਸਗੋਂ ਹਰ ਉਸ ਧੀ ਲਈ ਪ੍ਰੇਰਣਾ ਹੈ ਜੋ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਕਰ ਰਹੀ ਹੈ। ਪੰਜਾਬ ਦੀ ਧੀ ਹੋਣ ਦੇ ਨਾਤੇ ਉਨ੍ਹਾਂ ਨੇ ਸੂਬੇ ਦਾ ਨਾਮ ਵੀ ਵਿਸ਼ਵ ਭਰ ਵਿੱਚ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਦੀ ਸਫਲਤਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿਚ ਵਿਸ਼ਵਾਸ ਅਤੇ ਕੁਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ।

ਇਸ ਮੌਕੇ ’ਤੇ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਵੱਲੋਂ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ   "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ  ਕਿ ਹਰਮਨਪ੍ਰੀਤ ਕੌਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਨਾ ਸਿਰਫ਼ ਭਾਰਤੀ ਮਹਿਲਾ ਕ੍ਰਿਕਟ ਨੂੰ ਨਵੀਂ ਪਹਿਚਾਣ ਦਿੱਤੀ ਹੈ, ਸਗੋਂ ਦੇਸ਼ ਦੀਆਂ ਧੀਆਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਵੀ ਕਾਇਮ ਕੀਤੀ ਹੈ। ਚੇਅਰਮੈਨ ਸੁਭਾਸ਼ ਪਲਤਾ ਨੇ ਕਿਹਾ ਕਿ “ਹਰਮਨਪ੍ਰੀਤ ਕੌਰ ਦੀ ਇਹ ਉਪਲਬੱਧੀ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਲਗਨ, ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਹਰ ਮੁਸ਼ਕਲ ਨੂੰ ਪਾਰ ਕੀਤਾ ਜਾ ਸਕਦਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਨਿਸ਼ਠਾ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ। ਹੋਲੀ ਹਾਰਟ ਸਕੂਲ ਦੇ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਅਤੇ ਸਕੂਲ ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਵੱਲੋਂ ਵੀ ਹਰਮਨਪ੍ਰੀਤ ਕੌਰ ਨੂੰ ਇਸ ਵਿਸ਼ੇਸ਼ ਸਨਮਾਨ ਲਈ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਇਸ ਮੌਕੇ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਰਮਨਪ੍ਰੀਤ ਕੌਰ ਵਰਗੀਆਂ ਸ਼ਖਸੀਅਤਾਂ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ। ਇਹ ਸਨਮਾਨ ਨਾ ਸਿਰਫ਼ ਹਰਮਨਪ੍ਰੀਤ ਕੌਰ ਦੀ ਮਿਹਨਤ ਅਤੇ ਸਮਰਪਣ ਦਾ ਪ੍ਰਤੀਕ ਹੈ, ਸਗੋਂ ਭਾਰਤੀ ਮਹਿਲਾ ਖੇਡਾਂ ਲਈ ਵੀ ਇੱਕ ਇਤਿਹਾਸਕ ਅਤੇ ਮਾਣਮੱਤਾ ਪਲ ਹੈ।