ਮੁੱਖ ਮੰਤਰੀ ਦੇ ਜ਼ੁਰਅਤ ਭਰੇ ਫੈਸਲੇ ਨੇ ਸਿੱਧ ਕਰ ਦਿੱਤਾ ਕਿ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ, ਕਿਸਾਨਾਂ ਲਈ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਗੈਰ, ਇਤਿਹਾਸਕ ਫੈਸਲੇ ਲੈਣ ਤੋਂ ਨਹੀਂ ਝਿਜਕਦੇ : ਐੱਮ ਐੱਲ ਏ ਡਾ: ਹਰਜੋਤ ਕਮਲ

ਮੋਗਾ,20 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਪੇਸ਼ ਕੀਤੇ ਤਿੰਨ ਬਿੱਲਾਂ ’ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰ ਵਾਰ ਦੀ ਤਰਾਂ ਕਿਸਾਨੀ ਦੀ ਬਾਂਹ ਫੜ੍ਹਦਿਆਂ ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਅਤੇ ਪੰਜਾਬ ਮਾਰੂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਦਿਆਂ ਇਤਿਹਾਸਕ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਇਹ ਜ਼ੁਰਅਤ ਭਰਿਆ ਇਹ ਫੈਸਲਾ ਲੈ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਲਈ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਗੈਰ ਠੋਸ ਫੈਸਲਾ ਲੈਣ ਤੋਂ ਨਹੀਂ ਝਿਜਕਦੇ । ਡਾ: ਕਮਲ ਨੇ ਆਖਿਆ ਕਿ ਕੈਪਟਨ ਦੇ ਇਸ ਇਤਿਹਾਸਕ ਫੈਸਲੇ ਦੀ ਚਾਰ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸੋਧ ਬਿੱਲ, 2020 ਨਾਲ ਇਕੱਲਾ ਕਿਸਾਨ ਤੇ ਕਿਰਸਾਨੀ ਨਹੀਂ ਬਲਕਿ ਸਮੁੱਚਾ ਪੰਜਾਬ ਇਸ ਨਾਲ ਖੁਸ਼ਹਾਲ ਹੋਵੇਗਾ । ਉਹਨਾਂ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ ਜਿਹਨਾਂ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ‘ਚ ਕੇਂਦਰ ਦੇ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਕੇ ਪੰਜਾਬ ਸੋਧ ਬਿੱਲ, 2020 ਲਿਆਂਦਾ ਹੈ ।
ਉਹਨਾਂ ਕਿਹਾ ਕਿ ਇਹ ਬਿੱਲ ਸਿਰਫ਼ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਤੋਂ ਹੀ ਨਹੀਂ ਬਚਾਉਣਗੇ ਬਲਕਿ ਪੰਜਾਬ ਸੋਧ ਬਿੱਲ, 2020 ਸੁਨਿਸਚਿਤ ਕਰਦਾ ਹੈ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਖਰੀਦ ਯੋਗ ਨਹੀਂ ਹੋਵੇਗੀ ਜਦ ਤੱਕ ਇਸਦੀ ਅਦਾ ਕੀਤੀ ਕੀਮਤ ਐਮ ਐਸ ਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਉਹਨਾਂ ਕਿਹਾ ਕਿ ਐਮਐਸਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ ਉਸਨੂੰ ਤਿੰਨ ਸਾਲ ਦੀ ਕੈਦ ਦੀ ਸਜਾ ਹੋਵੇਗੀ। ਡਾ: ਹਰਜੋਤ ਕਮਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਬਿੱਲ ਅਨੁਸਾਰ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਦੇ ਨਾਲ ਨਾਲ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੀ ਜਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ।
ਉਹਨਾਂ ਕਿਹਾ ਕਿ ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਖੇਤ ਦੀ ਜਮੀਨ ਦੀ ਕੁਰਕੀ ਤੋਂ ਬਚਾਉਗੇ। ਉਹਨਾਂ ਕਿਹਾ ਕਿ ਬਿੱਲ ਇਹ ਸੁਨਿਸ਼ਚਿਤ ਕਰੇਗਾ ਕਿ ਖੇਤੀਬਾੜੀ ਸਮਝੌਤੇ ਤਹਿਤ ਕਣਕ ਤੇ ਝੋਨੇ ਦੀ ਕੋਈ ਵੀ ਖਰੀਦ ਜਾਂ ਵਿਕਰੀ ਐਮ ਐਸ ਪੀ ਤੋਂ ਹੇਠਾਂ ਨਾ ਹੋਵੇ ਤੇ ਜੇਕਰ ਕੋਈ ਸੰਸਥਾ ਇਸ ਤਰ੍ਹਾਂ ਕਰਦੀ ਹੈ ਤਾਂ ਉਸਨੂੰ ਤਿੰਨ ਸਾਲ ਦੀ ਸਜ਼ਾ ਹੋਵੇਗੀ। ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹ ਨਿੱਜੀ ਤੌਰ ’ਤੇ ਅਤੇ ਸਮੂਹ ਪੰਜਾਬੀ ਤਮਾਮ ਉਮਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਇਸ ਇਤਿਹਾਸਕ ਫੈਸਲੇ ਲਈ ਉਹਨਾਂ ਦੇ ਰਿਣੀ ਰਹਿਣਗੇ ਅਤੇ ਧੰਨਵਾਦ ਕਰਦਾ ਹੋਇਆ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਾ ਹਾਂ।


