‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਨਗਰ ਨਿਗਮ ਵੱਲੋ ਸ਼ਹਿਰ ਦੇ ਵਾਰਡਾਂ ‘ਚ ਕਰਵਾਈ ਗਈ ਫ਼ੌਗਿੰਗ

ਮੋਗਾ 7 ਅਗਸਤ:(ਜਸ਼ਨ): ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ, ਆਮ ਲੋਕਾਂ ਨੂੰ ਖਾਣ ਪੀਣ ਦੀਆਂ ਮਿਲਾਵਟ ਰਹਿਤ ਵਸਤਾਂ ਅਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਨਗਰ ਨਿਗਮ ਮੋਗਾ ਅਤੇ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਵੀ ਇਸ ਮਿਸ਼ਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਉਣ ਲਈ ਜਿੱਥੇ ਨਗਰ ਨਿਗਮ ਅਤੇ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਲੋਕਾਂ ਦੇ ਘਰਾਂ ਵਿੱਚ ਪਏ ਕੂਲਰਾਂ, ਫਰਿੱਜਾਂ, ਟੁੱਟੇ ਭੱਜੇ ਬਰਤਨਾਂ ਤੇ ਗਮਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਮੱਛਰ ਮਾਰਨ ਲਈ ਫ਼ੌਗਿੰਗ ਅਤੇ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਮੁੱਖ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਲਈ ਵਾਰਡ-ਵਾਈਜ਼ ਫ਼ੌਗਿੰਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 28 ਵਿੱਚ ਫ਼ੌਗਿੰਗ ਕੀਤੀ ਗਈ ਅਤੇ ਲੋਕਾਂ ਨੂੰ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਸੁਮਨ ਕੁਮਾਰ, ਅਮਰਜੀਤ ਸਿੰਘ ਅਤੇ ਜਗਸੀਰ ਸਿੰਘ (ਸਾਰੇ ਸੈਨੇਟਰੀ ਇੰਸਪੈਕਟਰ) ਮੌਜੂਦ ਸਨ। ਇਸ ਮੌਕੇ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਬਰਸਾਤਾਂ ਦੇ ਮੌਸਮ ਵਿੱਚ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦੇਣ ਅਤੇ ਘਰਾਂ ਵਿੱਚ ਪਏ ਫਰਿੱਜਾਂ ਤੇ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨਾ ਹੋ ਸਕੇ। ਉਨਾਂ ਦੱਸਿਆ ਕਿ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।