ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਨੇ 'ਅਰਬਨ ਮਿਸ਼ਨ' ਤਹਿਤ 86.90 ਲੱਖ ਰੁਪਏ ਦਾ ਚੈਕ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਨੂੰ ਸੌਂਪਿਆ

ਮੋਗਾ 2 ਫ਼ਰਵਰੀ:(ਜਸ਼ਨ): ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਸਾਂਝੇ ਤੌਰ ਦੇ ‘ਅਰਬਨ ਮਿਸ਼ਨ‘ ਤਹਿਤ 86.90 ਲੱਖ ਰੁਪਏ ਦਾ ਚੈਕ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਭ ਤੇ ਮ) ਮਨਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਕੈਂਪ ਦਫ਼ਤਰ ਵਿਖੇ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ: ਹਰਜੋਤ ਕਮਲ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਸੜਕਾਂ/ਗਲੀਆਂ ‘ਤੇ ਇੰਟਰਲਾਕਿੰਗ ਦੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਮੋਗਾ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲੇਗੀ। ਉਨਾਂ ਕਿਹਾ ਕਿ ਵਾਰਡਾਂ ਅੰਦਰ ਸੜਕਾਂ ਦੀ ਮਰੁੰਮਤ ਅਤੇ ਮਜ਼ਬੂਤ ਕਰਨ ਦੇ ਅਧੂਰੇ ਪਏ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਹੋਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਸਾਨ ਆਵਾਜਾਈ ਦੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਪ੍ਰਦਾਨ ਕਰਨ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ ‘ਤੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਵੀ ਮੌਜੂਦ ਸਨ।


