ਅਗਾਮੀ ਚੋਣਾਂ ’ਚ ਹਲਕੇ ਦੇ ਲੋਕ ਕਾਂਗਰਸ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ’ਚ ਕਦੇ ਨਹੀਂ ਆਉਣਗੇ : ਮਾਲਵਿਕਾ ਸੂਦ

ਕਿਹਾ : ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਵੱਡੇ ਅੰਤਰ ਨਾਲ ਜਿੱਤ ਕਰੇਗੀ ਹਾਸਲ
ਮੋਗਾ, 10 ਜੂਨ (JASHAN ) ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਮੋਗਾ ਵਿਧਾਨ ਸਭਾ ਹਲਕੇ ਦੀ ਇੰਚਾਰਜ ਮਾਲਵਿਕਾ ਸੂਦ ਨੇ ਅੱਜ  "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ  ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੱਡੀ ਜਿੱਤ ਲਈ ਪਾਰਟੀ ਵੱਲੋਂ ਹੁਣੇ ਤੋਂ ਹੀ ਮੈਦਾਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਉਹ ਸਿਰਫ ਇਕ ਰਾਜਨੀਤਿਕ ਆਗੂ ਹੀ ਨਹੀਂ, ਸਗੋਂ ਇੱਕ ਸਮਾਜ ਸੇਵੀ ਵਜੋਂ ਵੀ ਮੋਗਾ ਹਲਕੇ ਦੇ ਨਾਲ-ਨਾਲ ਪੂਰੇ ਜ਼ਿਲੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਗੂੜ੍ਹਾ ਨਾਤਾ ਬਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਲੋਕਾਂ ਵਿਚ ਰਹਿ ਕੇ ਬਿਨਾਂ ਕਿਸੇ ਸਵਾਰਥ ਦੇ ਸੇਵਾ ਕਰ ਰਹੇ ਹਨ ਅਤੇ ਲੋਕਾਂ ਦੇ ਦੁੱਖ-ਦਰਦ ਨੂੰ ਨੇੜੇ ਤੋਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਇਸ ਵਾਰ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਹੀਂ ਆਉਣਗੇ ਅਤੇ ਸੂਝਬੂਝ ਨਾਲ ਆਪਣਾ ਫੈਸਲਾ ਲੈਣਗੇ। ਮਾਲਵਿਕਾ ਨੇ ਦਾਅਵਾ ਕੀਤਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਕੰਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣਾ ਫਤਵਾ ਕਾਂਗਰਸ ਦੇ ਹੱਕ ਵਿਚ ਦੇਣਗੇ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਸੱਤਾਧਾਰੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਨਗਰ ਨਿਗਮ ਅਤੇ ਕਾਰਪੋਰੇਸ਼ਨ ਚੋਣਾਂ ਵਿਚ ਆਪਣੇ ਸੱਤਾ ਦੇ ਜ਼ੋਰ ਅਤੇ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਵੱਡੀ ਗਿਣਤੀ ਵਿਚ ਕੌਂਸਲਰ ਜਿਤਾਏ ਹਨ, ਪਰ ਇਸਦਾ ਕੋਈ ਵੀ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ ਅਸਥਾਈ ਹੈ ਅਤੇ ਲੋਕ ਅਸਲੀ ਤਸਵੀਰ ਨੂੰ ਬਖੂਬੀ ਸਮਝਦੇ ਹਨ। ਮਾਲਵਿਕਾ ਸੂਦ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਤੋਂ ਵੀ ਕਾਂਗਰਸ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ ਅਤੇ ਵਿਧਾਨ ਸਭਾ ਵਿਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਏਗੀ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਕਾਂਗਰਸ ਅਤੇ ਮੋਗਾ ਹਲਕੇ ਪ੍ਰਤੀ ਫੈਲਾਏ ਜਾ ਰਹੇ ਭਰਮ ਅਤੇ ਅਫਵਾਹਾਂ ਨੂੰ ਲੋਕ ਆਪਣੇ ਵੋਟ ਦੀ ਤਾਕਤ ਨਾਲ ਖਤਮ ਕਰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੋਂ ਉਹ ਸਿਆਸਤ ਵਿਚ ਆਏ ਹਨ, ਉਨ੍ਹਾਂ ਨੇ ਹਮੇਸ਼ਾਂ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਨਿਰਸਵਾਰਥ ਸੇਵਾ ਦਾ ਹਲਕੇ ਦੇ ਲੋਕ ਜ਼ਰੂਰ ਮੁੱਲ ਪਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਨਤੀਜਾ ਵੀ ਵੇਖਣ ਨੂੰ ਮਿਲੇਗਾ। ਅਖੀਰ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ। ਇਸ ਮੌਕੇ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜਿੱਤਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।